ਲੁਧਿਆਣਾ: ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕਥਿਤ ਬੇਅਦਬੀ ਦੀ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਹੈ। ਜਲੰਧਰ ਬਾਈਪਾਸ ਚੌਕ ’ਤੇ ਸਥਿਤ ਮੂਰਤੀ ਨੂੰ ਕਥਿਤ ਤੌਰ ’ਤੇ ਜੁੱਤੀਆਂ ਦੀ ਮਾਲਾ ਪਾਏ ਜਾਣ ਦੀ ਖ਼ਬਰ ਫੈਲਦਿਆਂ ਹੀ ਵੱਖ-ਵੱਖ ਜਥੇਬੰਦੀਆਂ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ। ਘਟਨਾ ਦੇ ਵਿਰੋਧ ਵਿੱਚ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੁਧਿਆਣਾ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਮੂਰਤੀ ’ਤੇ ਜੁੱਤੀਆਂ ਦੀ ਮਾਲਾ ਨਾਲ ਰੋਸ
ਜਾਣਕਾਰੀ ਮੁਤਾਬਕ ਕੁਝ ਸ਼ਰਾਰਤੀ ਤੱਤਾਂ ਵੱਲੋਂ ਬਾਬਾ ਸਾਹਿਬ ਦੀ ਮੂਰਤੀ ’ਤੇ ਜੁੱਤੀਆਂ ਦੀ ਮਾਲਾ ਪਾਉਣ ਦਾ ਦੋਸ਼ ਹੈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਾਲਮੀਕਿ ਸਮਾਜ ਦੇ ਲੋਕ ਉੱਥੇ ਪਹੁੰਚੇ ਅਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਇਸ ਨੂੰ ਬਾਬਾ ਸਾਹਿਬ ਦਾ ਅਪਮਾਨ ਦੱਸਦਿਆਂ ਕਥਿਤ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਮਾਮਲਾ ਉਸ ਵੇਲੇ ਹੋਰ ਭਖ ਗਿਆ ਜਦੋਂ ਪ੍ਰਦਰਸ਼ਨਕਾਰੀਆਂ ਨੇ ਪੁਲੀਸ ’ਤੇ ਸਬੂਤਾਂ ਨਾਲ ਛੇੜਛਾੜ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਦਾ ਕਹਿਣਾ ਹੈ ਕਿ ਮੌਕੇ ’ਤੇ ਪਹੁੰਚੇ ਪੁਲੀਸ ਮੁਲਾਜ਼ਮਾਂ ਨਾਲ ਆਏ ਇੱਕ ਮੁਲਾਜ਼ਮ ਨੇ ਮੂਰਤੀ ’ਤੇ ਪਾਈ ਗਈ ਮਾਲਾ ਨੂੰ ਤੋੜ ਕੇ ਸੁੱਟ ਦਿੱਤਾ। ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਇਸ ਤਰ੍ਹਾਂ ਮਹੱਤਵਪੂਰਨ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਸਬੰਧਤ ਪੁਲੀਸ ਕਰਮਚਾਰੀ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ।
ਅੱਧਾ ਘੰਟਾ ਨੈਸ਼ਨਲ ਹਾਈਵੇਅ ਜਾਮ
ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨਕਾਰੀਆਂ ਨੇ ਲਗਭਘਅੱਧੇ ਘੰਟੇ ਤੱਕ ਨੈਸ਼ਨਲ ਹਾਈਵੇਅ ਵੀ ਜਾਮ ਕੀਤਾ। ਲੋਕਾਂ ਨੇ ਦੋਸ਼ੀ ਦੀ ਗ੍ਰਿਫ਼ਤਾਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਦੀ ਪਛਾਣ ਕਰਕੇ ਜਲਦ ਗ੍ਰਿਫ਼ਤਾਰੀ ਕੀਤੀ ਜਾਵੇਗੀ।
10 ਤੋਂ 4 ਵਜੇ ਤੱਕ ਲੁਧਿਆਣਾ ਬੰਦ
ਵੱਖ-ਵੱਖ ਜਥੇਬੰਦੀਆਂ ਨੇ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੁਧਿਆਣਾ ਬੰਦ ਰੱਖਣ ਦਾ ਐਲਾਨ ਕੀਤਾ ਹੈ। ਬਾਜ਼ਾਰਾਂ, ਵਪਾਰਕ ਅਦਾਰਿਆਂ ਅਤੇ ਉਦਯੋਗਿਕ ਇਕਾਈਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਹਾਲਾਂਕਿ ਐਂਬੂਲੈਂਸ, ਹਸਪਤਾਲ, ਮੈਡੀਕਲ ਸਟੋਰ, ਡਾਕਟਰਾਂ ਦੇ ਕਲੀਨਿਕ ਅਤੇ ਸਕੂਲ ਬੱਸਾਂ ਵਰਗੀਆਂ ਜ਼ਰੂਰੀ ਸੇਵਾਵਾਂ ਨੂੰ ਬੰਦ ਤੋਂ ਬਾਹਰ ਰੱਖਿਆ ਗਿਆ ਹੈ। ਜਥੇਬੰਦੀਆਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਜ਼ਰੂਰੀ ਸੇਵਾਵਾਂ ਦੀ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਪਾਈ ਜਾਵੇ।

