ਲੁਧਿਆਣਾ: ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਜਰਮਨੀ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤਾ ਗਿਆ ਵਿਅਕਤੀ ਜਸਵਿੰਦਰ ਸਿੰਘ ਮੁਲਤਾਨੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮੁਲਤਾਨੀ ਪਿਛਲੇ ਲੰਬੇ ਸਮੇਂ ਤੋਂ ਜਰਮਨ ‘ਚ ਰਹਿ ਰਿਹਾ ਸੀ ਤੇ ਉਸ ਨੂੰ ਧਮਾਕੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ।
ਸੂਤਰਾ ਅਨੁਸਾਰ ਮੁਲਤਾਨੀ ਪਾਕਿਸਤਾਨ ਤੋਂ ਵਿਸਫੋਟਕ ਤੇ ਹਥਿਆਰ ਤਸਕਰੀ ’ਚ ਸ਼ਾਮਲ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ ਕਿ ਮੁਲਤਾਨੀ ਵੱਖਵਾਦੀ ਗਤੀਵਿਧੀਆਂ ਨਾਲ ਜੁੜਿਆ ਹੋਇਆ ਹੈ।
ਦੱਸ ਦਈਏ ਕਿ 23 ਦਸੰਬਰ ਨੂੰ ਲੁਧਿਆਣਾ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਬਣੇ ਟਾਇਲਟ ‘ਚ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਜਾਂਚ ਏਜੰਸੀਆਂ ਨੇ ਇਸ ਧਮਾਕੇ ਪਿੱਛੇ ਮਰਨ ਵਾਲੇ ਦਾ ਹੱਥ ਹੋਣ ਦਾ ਸ਼ੱਕ ਜਤਾਇਆ ਸੀ। ਸ਼ੱਕ ਹੈ ਕਿ ਟਾਇਲਟ ਵਿੱਚ ਧਮਾਕਾ ਉਦੋਂ ਹੋਇਆ ਜਦੋਂ ਉਹ ਬੰਬ ਨੂੰ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।