ਲੁਧਿਆਣਾ: ਸ਼ਹਿਰ ਦੇ ਨਾਮੀ ਸਕੂਲ ਵਿੱਚ ਬੁੱਧਵਾਰ ਸਵੇਰੇ ਵੱਡੀ ਘਟਨਾ ਵਾਪਰੀ। ਲੁਧਿਆਣਾ ਦੇ ਦੁਗਰੀ ਫੇਜ਼ 1 ‘ਚ ਇਕ ਸਕੂਲ ‘ਚ ਅਚਾਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਪੂਰੇ ਸਕੂਲ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਕੂਲ ਪ੍ਰਸ਼ਾਸਨ ਨੇ ਤੁਰੰਤ ਸਾਰੇ ਬੱਚਿਆਂ ਨੂੰ ਕਲਾਸਾਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ। ਛੋਟੇ ਬੱਚਿਆਂ ਨੂੰ ਖ਼ੁਦ ਘਰ ਭੇਜਿਆ ਅਤੇ ਵੱਡੇ ਬੱਚਿਆਂ ਦੇ ਮਾਪਿਆਂ ਨੂੰ ਤੁਰੰਤ ਸੂਚਿਤ ਕੀਤਾ ਗਿਆ।
ਜਾਣਕਾਰੀ ਮੁਤਾਬਕ, ਸ਼ੁਰੂਆਤ ਵਿੱਚ ਜਨਰੇਟਰ ਰੂਮ ਵਿੱਚੋਂ ਧੂੰਆਂ ਨਿਕਲਿਆ ਸੀ, ਜਿਸ ਤੋਂ ਬਾਅਦ ਅੱਗ ਦੀਆਂ ਉੱਚੀਆਂ ਲਪਟਾਂ ਦੇਖੀਆਂ ਗਈਆਂ। ਸਕੂਲ ਮੈਨੇਜਮੈਂਟ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ। ਸਟਾਫ਼ ਦੀ ਮੁਸਤੈਦੀ ਸਦਕਾ ਵੱਡਾ ਹਾਦਸਾ ਹੋਣੋਂ ਟਲ ਗਿਆ। ਜਾਣਕਾਰੀ ਅਨੁਸਾਰ, ਇਹ ਹਾਦਸਾ ਸਵੇਰੇ 9 ਵਜੇ ਦੁੱਗਰੀ ਫੇਜ਼-1 ਅਰਬਨ ਅਸਟੇਟ ਸਥਿਤ ਰਾਮ ਲਾਲ ਭਸੀਨ ਪਬਲਿਕ ਸਕੂਲ ਵਿੱਚ ਹੋਇਆ, ਜਦੋਂ ਸਕੂਲ ਚੱਲ ਰਿਹਾ ਸੀ। ਅਚਾਨਕ ਸਕੂਲ ਦੇ ਜਨਰੇਟਰ ਰੂਮ ਵਿੱਚੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਉੱਠਦੀਆਂ ਦੇਖ ਕੇ ਸਟਾਫ਼ ਦੇ ਹੋਸ਼ ਉੱਡ ਗਏ।ਮੁਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਫਿਲਹਾਲ ਪੂਰੇ ਸਕੂਲ ਕੰਪਲੈਕਸ ਨੂੰ ਖ਼ਾਲੀ ਕਰਵਾ ਲਿਆ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਤੁਰੰਤ ਮੌਕੇ ‘ਤੇ ਪਹੁੰਚੀ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕੜੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਖ਼ੁਸ਼ਕਿਸਮਤੀ ਇਹ ਰਹੀ ਕਿ ਇਸ ਪੂਰੇ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਸਾਰੇ ਬੱਚੇ ਅਤੇ ਸਕੂਲ ਸਟਾਫ਼ ਪੂਰੀ ਤਰ੍ਹਾਂ ਸੁਰੱਖਿਅਤ ਹਨ। ਘਟਨਾ ਦੀ ਸੂਚਨਾ ਮਿਲਦੇ ਹੀ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਸ਼ਾਸਨ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਲਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

