ਲੁਧਿਆਣਾ: ਤੜਕਸਾਰ ਘਰ ‘ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਕੀਮਤੀ ਸਾਮਾਨ ਸੜ ਕੇ ਸੁਆਹ

Global Team
2 Min Read

ਲੁਧਿਆਣਾ: ਲੁਧਿਆਣਾ ਦੇ ਪਾਸ਼ ਨਿਊ ਮਾਡਲ ਟਾਊਨ ਇਲਾਕੇ ਵਿੱਚ ਅੱਜ (ਬੁੱਧਵਾਰ ਨੂੰ) ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਇਕ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਸਵੇਰੇ 4 ਵਜੇ ਦੇ ਕਰੀਬ ਸੜਨ ਦੀ ਤੇਜ਼ ਬਦਬੂ ਆਈ। ਜਦੋਂ ਬਾਹਰ ਆ ਕੇ ਦੇਖਿਆ ਤਾਂ ਲਾਬੀ ਧੂੰਏਂ ਨਾਲ ਭਰੀ ਹੋਈ ਸੀ। ਜਦੋਂ ਉਸਨੇ ਆਪਣੇ ਪਿਤਾ ਦਾ ਬੰਦ ਕਮਰਾ ਖੋਲ੍ਹਿਆ ਤਾਂ ਉਸਨੇ ਅੰਦਰ ਅੱਗ ਦੀਆਂ ਲਪਟਾਂ ਉੱਠਦੀਆਂ ਵੇਖੀਆਂ। ਅੱਗ ਨੂੰ ਵੇਖ ਕੇ ਉਸ ਨੇ ਤੁਰੰਤ ਆਪਣੀ ਪਤਨੀ, ਬੱਚਿਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਜਗਾਇਆ ਅਤੇ ਜਲਦੀ ਨਾਲ ਸਾਰਿਆਂ ਨੂੰ ਸੁਰੱਖਿਅਤ ਘਰ ਤੋਂ ਬਾਹਰ ਕੱਢ ਲਿਆ। ਜਿਸ ਕਮਰੇ ਵਿੱਚ ਅੱਗ ਲੱਗੀ ਸੀ, ਉਹ ਪਿਛਲੇ ਦੋ ਦਿਨਾਂ ਤੋਂ ਬੰਦ ਸੀ ਕਿਉਂਕਿ ਉਸ ਦੇ ਮਾਪੇ ਕਈ ਦਿਨਾਂ ਤੋਂ ਸ਼ਹਿਰ ਤੋਂ ਬਾਹਰ ਸਨ। ਮੁੱਢਲੇ ਅੰਦਾਜ਼ੇ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਇਹ ਤੇਜ਼ੀ ਨਾਲ ਉੱਪਰਲੀਆਂ ਮੰਜ਼ਿਲਾਂ ਤੱਕ ਫੈਲ ਗਈ। ਅੱਗ ਨੇ ਕਮਰੇ ਵਿੱਚ ਪਈਆਂ ਕੀਮਤੀ ਚੀਜ਼ਾਂ, ਜਿਵੇਂ ਕਿ ਪੱਖੇ, ਟੈਲੀਵਿਜ਼ਨ ਅਤੇ ਫਰਿੱਜ ਆਦਿ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦੇ ਹੀ ਆਂਢ-ਗੁਆਂਢ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਉਨ੍ਹਾਂ ਨੇ ਤੁਰੰਤ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment