ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਬਰਸੀ ਮੌਕੇ ਸ੍ਰੀ ਹਰਗੋਬਿੰਦਪੁਰ ਵਿਖੇ ਵਿਸ਼ੇਸ ਸਮਾਗਮ

TeamGlobalPunjab
3 Min Read

ਸ੍ਰੀ ਹਰਗੋਬਿੰਦਪੁਰ: ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਉਨ੍ਹਾਂ ਦੀ 218ਵੀਂ ਬਰਸੀ ਮੌਕੇ ਅੱਜ ਸ੍ਰੀਹਰਗੋਬਿੰਦਪੁਰ ਵਿਖੇ ਯਾਦ ਕੀਤਾ ਗਿਆ। ਸ੍ਰੀ ਹਰਗੋਬਿੰਦਪੁਰ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਹਵੇਲੀ ਦੇ ਸਾਹਮਣੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ, ਸਵਾਮੀਪਾਲ ਖੋਸਲਾ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਹਰਗੋਬਿੰਦਪੁਰ, ਬਲਵਿੰਦਰ ਸਿੰਘ ਨਾਭਾ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ ਗੁਰਦਾਸਪੁਰ, ਮੋਹਨ ਲਾਲ ਕਾਲੀਆ ਅਤੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਦੇ ਨੁਮਾਇੰਦੇ ਅਤੇ ਰਾਮਗੜ੍ਹੀਆ ਕੌਮ ਦੇ ਆਗੂ ਸਰਪੰਚ ਦਲਜੀਤ ਸਿੰਘ ਬਮਰਾਹ ਪਿੰਡ ਚੂਹੇਵਾਲ, ਠੇਕੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਇੰਦਰਜੀਤ ਸਿੰਘ ਹਰਪੁਰਾ, ਪ੍ਰੋਫੈਸਰ ਜਸਬੀਰ ਸਿੰਘ, ਅਨੁਰਾਗ ਮਹਿਤਾ ਅਤੇ ਸ੍ਰੀ ਹਰਗੋਬਿੰਦਪੁਰ ਦੇ ਵਸਨੀਕਾਂ ਕਰਨ ਕਾਲੀਆ ਡਾਇਰੈਕਟਰ ਮਾਰਕਿਟ ਕਮੇਟੀ, ਜੱਸ ਮਾੜੀ ਬੁੱਚੀਆਂ, ਹਰਦੀਪ ਸਿੰਘ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਆਪਣਾ ਸਤਿਕਾਰ ਭੇਟ ਕੀਤਾ ਗਿਆ।

ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਇੰਦਰਜੀਤ ਸਿੰਘ ਹਰਪੁਰਾ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੱਖ ਕੌਮ ਦੀ ਉਹ ਮਹਾਨ ਹਸਤੀ ਸਨ ਜਿਨ੍ਹਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਨਾਲ ਇਤਿਹਾਸ ਭਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਭਾਂਵੇ ਦਿੱਲੀ ਤਖਤ ਫ਼ਤਹਿ ਕਰਨ ਦਾ ਕਾਰਨਾਮਾ ਸੀ ਜਾਂ ਜ਼ਾਲਮਾਂ ਨਾਲ ਟੱਕਰ ਲੈਣ ਦੀ ਗੱਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਹਮੇਸ਼ਾਂ ਅੱਗੇ ਹੋ ਕੇ ਕੌਮ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਆਪਣੀ ਰਾਜਧਾਨੀ ਬਣਾਇਆ ਸੀ ਅਤੇ ਸੰਨ 1803 ਵਿੱਚ ਇਥੇ ਹੀ ਉਨ੍ਹਾਂ ਦਾ ਅਕਾਲ ਚਲਾਣਾ ਹੋਇਆ ਸੀ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਇਸ ਮਹਾਨ ਯੋਧੇ ਉੱਪਰ ਹਮੇਸ਼ਾਂ ਮਾਣ ਰਹੇਗਾ।

ਇਸੇ ਦੌਰਾਨ ਰਾਮਗੜ੍ਹੀਆ ਕੌਮ ਦੇ ਆਗੂ ਸਰਪੰਚ ਦਲਜੀਤ ਸਿੰਘ ਬਮਰਾਹ ਪਿੰਡ ਚੂਹੇਵਾਲ ਨੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਵੱਲੋਂ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਅਤੇ ਹੋਰ ਨੁਮਾਇੰਦਿਆਂ ਕੋਲੋਂ ਮੰਗ ਕੀਤੀ ਕਿ ਸ੍ਰੀ ਹਰਗੋਬਿੰਦਪੁਰ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਵਿੱਚ ਚੌਂਕ ਦਾ ਨਾਮ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸਤੋਂ ਇਲਾਵਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀਆਂ ਸ੍ਰੀ ਹਰਗੋਬਿੰਦਪੁਰ ਵਿੱਚ ਹੋਰ ਯਾਦਗਾਰਾਂ ਦੀ ਸੰਭਾਲ ਵੀ ਕੀਤੀ ਜਾਵੇ।

ਇਸ ਮੌਕੇ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਰਾਜਧਾਨੀ ਰਹੇ ਸ਼ਹਿਰ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਇੱਕ ਮਹੱਤਵਪੂਰਨ ਚੌਂਕ ਦਾ ਨਾਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ ਉੱਪਰ ਰੱਖਿਆ ਜਾਵੇਗਾ। ਪ੍ਰਧਾਨ ਪੰਨੂ ਨੇ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਹਰਗੋਬਿੰਦਪੁਰ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਨਿਖਾਰਨ ਲਈ ਨਗਰ ਕੌਂਸਲ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

- Advertisement -

Share this Article
Leave a comment