ਸ੍ਰੀ ਹਜ਼ੂਰ ਸਾਹਿਬ ਐਕਟ ‘ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ

Global Team
3 Min Read

ਨਾਂਦੇੜ: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਾਂ ਲਈ ਲਿਆਂਦੇ ਜਾ ਰਹੇ ਪ੍ਰਸਤਾਵਿਤ ਨਵੇਂ ਕਾਨੂੰਨ ਨੂੰ ਲਾਗੂ ਕਰਨ ਤੋਂ ਪਹਿਲਾਂ ਸਿੱਖ ਧਿਰਾਂ ਅਤੇ ਸਿੱਖ ਵਿਦਵਾਨਾਂ ਨਾਲ ਵਿਆਪਕ ਪੱਧਰ ‘ਤੇ ਸਲਾਹ-ਮਸ਼ਵਰਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਮਕਸਦ ਲਈ ਇੱਕ ਕਮੇਟੀ ਬਣਾਈ ਜਾਵੇਗੀ ਜੋ ਸਾਰੇ ਸਬੰਧਤ ਪੱਖਾਂ ਨਾਲ ਵਿਚਾਰ-ਵਟਾਂਦਰਾ ਕਰੇਗੀ।

ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਰੱਖੀਆਂ ਗਈਆਂ

ਇਸ ਫ਼ੈਸਲੇ ਦੀ ਜਾਣਕਾਰੀ ਭਾਜਪਾ ਆਗੂ ਆਰ ਪੀ ਸਿੰਘ ਨੇ ਨਵੀਂ ਦਿੱਲੀ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕਰਕੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਸਨ।

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਨੂੰ ਭਾਜਪਾ ਆਗੂਆਂ ਨਾਲ ਇਸ ਮਾਮਲੇ ‘ਤੇ ਮੀਟਿੰਗ ਕਰਨ ਦੀ ਜ਼ਿੰਮੇਵਾਰੀ ਦਿੱਤੀ। ਇਸ ਮੀਟਿੰਗ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਮੌਜੂਦ ਰਹੇ।

ਵਿਧਾਨ ਸਭਾ ਤੋਂ ਪਹਿਲਾਂ ਬਣੇਗੀ ਕਮੇਟੀ

ਆਰ ਪੀ ਸਿੰਘ ਨੇ ਕਿਹਾ ਕਿ ਵਿਸਥਾਰ ਨਾਲ ਚਰਚਾ ਹੋਣ ਤੋਂ ਬਾਅਦ ਸਰਕਾਰ ਇਸ ਗੱਲ ‘ਤੇ ਸਹਿਮਤ ਹੋ ਗਈ ਕਿ ਪ੍ਰਸਤਾਵਿਤ ਕਾਨੂੰਨ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਇੱਕ ਕਮੇਟੀ ਬਣਾਈ ਜਾਵੇ ਅਤੇ ਸਾਰੇ ਹਿੱਸੇਦਾਰਾਂ ਨਾਲ ਗੱਲਬਾਤ ਕੀਤੀ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਹਜ਼ੂਰ ਸਾਹਿਬ ਐਕਟ-2026 ਸਬੰਧੀ ਆਪਣੀਆਂ ਚਿੰਤਾਵਾਂ ਮੁੱਖ ਮੰਤਰੀ ਸਾਹਮਣੇ ਰੱਖਣ ਤੋਂ ਬਾਅਦ ਸਰਕਾਰ ਨੇ ਇਸ ਮਾਮਲੇ ਨੂੰ ਸੰਵੇਦਨਸ਼ੀਲਤਾ ਨਾਲ ਲੈਂਦਿਆਂ ਸਲਾਹ-ਮਸ਼ਵਰੇ ਦਾ ਭਰੋਸਾ ਦਿੱਤਾ ਹੈ।

ਫ਼ੈਸਲੇ ਦਾ ਕੀਤਾ ਗਿਆ ਸਵਾਗਤ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੀ ਇਸ ਫ਼ੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕਮੇਟੀ ਬਣਾਉਣ ਅਤੇ ਵਿਆਪਕ ਚਰਚਾ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ।

ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਲਿਆ ਗਿਆ ਇਹ ਕਦਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਧਾਰਮਿਕ ਮਹੱਤਤਾ ਪ੍ਰਤੀ ਸਤਿਕਾਰ ਦਰਸਾਉਂਦਾ ਹੈ।

ਕਿਵੇਂ ਸ਼ੁਰੂ ਹੋਇਆ ਸੀ ਵਿਵਾਦ?

ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਜਦੋਂ ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ-1956 ਨੂੰ ਰੱਦ ਕਰਕੇ ਉਸ ਦੀ ਥਾਂ ਨਵਾਂ ਐਕਟ ਲਿਆਉਣ ਦਾ ਪ੍ਰਸਤਾਵ ਰੱਖਿਆ ਸੀ।

ਇਸ ਤੋਂ ਪਹਿਲਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਸੇਵਾਦਾਰਾਂ ਨੇ ਧਾਰਮਿਕ ਖ਼ੁਦਮੁਖਤਿਆਰੀ ਦਾ ਹਵਾਲਾ ਦਿੰਦਿਆਂ ਇਸ ਪ੍ਰਸਤਾਵ ਨੂੰ ਰੱਦ ਕਰਨ ਲਈ ਗੁਰਮਤਾ ਜਾਰੀ ਕੀਤਾ ਸੀ। ਇਹ ਗੁਰਮਤਾ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਪੜ੍ਹ ਕੇ ਸੁਣਾਇਆ ਗਿਆ ਸੀ।

Share This Article
Leave a Comment