ਇੰਨੀ ਦਿਨੀਂ ਸੰਗਰੂਰ ਦੇ ਜਗਮੇਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਬੀਰ ਸਿੰਘ ਢਿੱਲਵਾਂ ਦੀ ਹੱਤਿਆ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖਤ ਰੁੱਖ ਅਖਤਿਆਰ ਕਰ ਲਿਆ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੰਨੀਂ ਦਿਨੀਂ ਪੰਜਾਬ ‘ਚ ਜੰਗਲ ਰਾਜ ਚੱਲ ਰਿਹਾ ਹੈ।
ਮਜੀਠੀਆ ਨੇ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਪੰਜਾਬ ਅੰਦਰ ਅੱਜ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਵਿਗੜਦੀ ਜਾ ਰਹੀ ਹੈ। ਇਸ ਇਲਾਵਾ ਮਜੀਠੀਆ ਨੇ ਪੁਲਿਸ, ਮੰਤਰੀਆਂ ਅਤੇ ਗੈਂਗਸਟਰਾਂ ਦੇ ਆਪਸੀ ਸਬੰਧ ਹੋਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ਕਿਸੇ ਗਿਣੀ ਮਿੱਥੀ ਸਾਜ਼ਿਸ਼ ਅਧੀਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ ‘ਚ ਸਮੁੱਚੇ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ।
ਮਜੀਠੀਆ ਨੇ ਖੁਲਾਸਾ ਕਰਦਿਆਂ ਕਿਹਾ ਕਿ ਸਾਲ 2004 ਦੌਰਾਨ ਜਦੋਂ ਲੋਕ ਸਭਾ ਚੋਣਾਂ ਹੋਈਆਂ ਸਨ ਤਾਂ ਇੱਕ ਝਗੜਾ ਹੋਇਆ ਸੀ ਜਿਸ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਦੀ ਪੱਗ ਉਤਰ ਗਈ ਸੀ। ਮਜੀਠੀਆ ਨੇ ਕਿਹਾ ਕਿ ਉਸ ਘਟਨਾ ਲਈ ਮ੍ਰਿਤਕ ਅਕਾਲੀ ਆਗੂ ਦਲਬੀਰ ਸਿੰਘ ਅਤੇ ਉਨ੍ਹਾਂ ਦੇ ਪਿਤਾ ਸੰਤ ਸਿੰਘ ਨੂੰ ਜਿੰਮੇਵਾਰ ਦੱਸਿਆ ਗਿਆ ਸੀ ਅਤੇ ਇਸੇ ਘਟਨਾ ਦਾ ਬਦਲਾ ਲੈਣ ਲਈ ਹੀ ਇਹ ਕਤਲ ਹੋਇਆ ਹੈ।