ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ‘ਚ ਵੱਡਾ ਸਦਮਾ, ਦਾਦੀ ਮਾਤਾ ਚਰਨ ਕੌਰ ਦਾ ਦੇਹਾਂਤ

raajan tiwari
4 Min Read

Amritpal Singh Grandmother Passed Away: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਜੁੜੀ ਇਸ ਵੇਲੇ ਦੀ ਵੱਡੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਦੇਹਾਂਤ ਹੋ ਗਿਆ ਹੈ। 84 ਸਾਲਾ ਮਾਤਾ ਚਰਨ ਕੌਰ ਨੇ ਐਤਵਾਰ ਸ਼ਾਮ ਨੂੰ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਦਿਮਾਗ ਦੀ ਨਾੜੀ ਫਟਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮਾਤਾ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਸਭ ਤੋਂ ਦੁਖਦਾਈ ਗੱਲ ਇਹ ਰਹੀ ਕਿ ਆਪਣੀ ਜ਼ਿੰਦਗੀ ਦੇ ਆਖਰੀ ਪਲਾਂ ਵਿੱਚ ਉਹ ਆਪਣੇ ਪੋਤੇ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਦੀ ਇੱਛਾ ਦਿਲ ਵਿੱਚ ਹੀ ਲੈ ਕੇ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ।

ਇਹ ਵੀ ਪੜ੍ਹੌ : 2027 ਦੀਆਂ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ: ਰਾਹੁਲ ਤੋਂ ਬਾਅਦ ਹੁਣ ਪ੍ਰਿਯੰਕਾ ਗਾਂਧੀ ਦੇ ਪੰਜਾਬ ਦੌਰੇ ’ਤੇ, ਲੁਧਿਆਣਾ ‘ਚ ਵਿਸ਼ਾਲ ਰੈਲੀ ਕਰਨ ਦੀ ਯੋਜਨਾ

ਪਰਿਵਾਰਕ ਸੂਤਰਾਂ ਮੁਤਾਬਕ, ਮਾਤਾ ਚਰਨ ਕੌਰ ਆਪਣੇ ਪੋਤੇ ਦੀ ਲੰਮੀ ਨਜ਼ਰਬੰਦੀ ਨੂੰ ਲੈ ਕੇ ਕਾਫ਼ੀ ਚਿੰਤਤ ਰਹਿੰਦੇ ਸਨ। ਉਨ੍ਹਾਂ ਦੀ ਆਖਰੀ ਇੱਛਾ ਸੀ ਕਿ ਜਾਣ ਤੋਂ ਪਹਿਲਾਂ ਇੱਕ ਵਾਰ ਆਪਣੇ ਪੋਤੇ ਦਾ ਚਿਹਰਾ ਦੇਖ ਸਕਣ। ਹਾਲਾਂਕਿ, ਕੁਝ ਦਿਨ ਪਹਿਲਾਂ ਅਦਾਲਤ ਦੇ ਹੁਕਮਾਂ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਆਪਣੀ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਸੀ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਅਦਾਲਤ ਤੋਂ ਆਪਣੀ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 10 ਮਿੰਟ ਗੱਲਬਾਤ ਕਰਨ ਦਾ ਸਮਾਂ ਦਿੱਤਾ ਸੀ। ਹੁਣ ਸਭ ਤੋਂ ਵੱਡੀ ਖ਼ਬਰ ਇਹ ਹੈ ਕਿ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਸ਼ਾਮਲ ਕਰਵਾਉਣ ਲਈ ਕਾਨੂੰਨੀ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਪਰਿਵਾਰਕ ਸੂਤਰਾਂ ਅਨੁਸਾਰ, ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੇ ਪੁੱਤਰ ਹਰਜੀਤ ਸਿੰਘ, ਪੋਤੇ ਅੰਮ੍ਰਿਤਪਾਲ ਸਿੰਘ ਅਤੇ ਪੜਪੋਤੇ ਸੁਖਮਨਜੀਤ ਸਿੰਘ ਦੀ ਮੌਜੂਦਗੀ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੌ : Diwali Special : ਦੀਵਾਲੀ ਅੱਜ ਹੈ ਜਾਂ ਕੱਲ੍ਹ? ਇਸ ਸਮੇਂ ‘ਤੇ ਕਰੋ ਪੂਰੇੇ ਵਿਧੀ ਵਿਧਾਨ ਨਾਲ ਪੂਜਾ, ਮਾਤਾ ਲਕਸ਼ਮੀ ਦੀ ਬਰਸੇਗੀ ਆਪਰ ਕਿਰਪਾ

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ 23 ਅਪ੍ਰੈਲ 2023 ਤੋਂ ਰਾਸ਼ਟਰੀ ਸੁਰੱਖਿਆ ਕਾਨੂੰਨ ਯਾਨੀ NSA ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਅਜਨਾਲਾ ਮਾਮਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਉੱਧਰ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਪਾਰਟੀ ਵੱਲੋਂ ਕੁਝ ਸੀਟਾਂ ‘ਤੇ ਉਮੀਦਵਾਰਾਂ ਦੇ ਨਾਂ ਵੀ ਐਲਾਨੇ ਜਾ ਚੁੱਕੇ ਹਨ। ਫਿਲਹਾਲ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਅੰਮ੍ਰਿਤਪਾਲ ਸਿੰਘ ਸਮੇਤ ਪਰਿਵਾਰ ਦੇ ਇਹ ਤਿੰਨੇ ਮੈਂਬਰ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ ਜਾਂ ਨਹੀਂ।

Share This Article
2 Comments