ਨਿਊਜ਼ ਡੈਸਕ: ਫਰੀਦਕੋਟ ਪੁਲਿਸ ਨੇ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ 47.3 ਕਿਲੋਗ੍ਰਾਮ ਹੈਰੋਇਨ, .30 ਬੋਰ ਦੇ ਤਿੰਨ ਪਿਸਤੌਲ, ਤਿੰਨ ਮੈਗਜ਼ੀਨ ਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ।
SSP ਗੁਰਬੰਸ ਸਿੰਘ ਬੈੰਸ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹੈਰੋਇਨ ਤੇ ਨਾਜਾਇਜ਼ ਹਥਿਆਰਾਂ ਦੀ ਸਰਹੱਦ ਪਾਰੋਂ ਸੂਬੇ ਵਿੱਚ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਤੇ ਇਸ ਦੇ ਫਾਰਵਰਡ ਅਤੇ ਬੈਕਵਰਡ ਲਿੰਕੇਜ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਬਾਬਾ ਫਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਕੀਤੀ ਜਾ ਰਹੀ ਵਿਸ਼ੇਸ਼ ਨਾਕਾਬੰਦੀ ਦੌਰਾਨ, ਸ਼ਨੀਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਸੀਆਈਏ ਫਰੀਦਕੋਟ ਦੀ ਟੀਮ ਨੇ ਇੱਕ ਹੌਂਡਾ ਸਿਟੀ ਕਾਰ ਨੂੰ ਰੋਕਿਆ।ਪੁਲਿਸ ਟੀਮ ਨੇ ਕਾਰ ‘ਚ ਸਵਾਰ ਚਾਰੋਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 47.3 ਕਿਲੋਗ੍ਰਾਮ ਹੈਰੋਇਨ, ਨਾਜਾਇਜ਼ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ।

