ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, ਹੈਂਡ ਗ੍ਰਨੇਡ ਤੇ ਗਲੋਕ ਪਿਸਤੌਲ ਸਣੇ ਮੁਲਜ਼ਮ ਗ੍ਰਿਫ਼ਤਾਰ

Global Team
3 Min Read

ਚੰਡੀਗੜ੍ਹ: ਪੰਜਾਬ ਪੁਲਿਸ ਦੀ ਅੱਤਵਾਦ ਖਿਲਾਫ ਜ਼ੀਰੋ-ਟੌਲਰੈਂਸ ਨੀਤੀ ਦੇ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਕਰਦਿਆਂ ਪਾਕਿਸਤਾਨ ਦੀ ਖੁਫੀਆ ਏਜੰਸੀ, ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਦੁਆਰਾ ਸੰਚਾਲਿਤ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 24 ਸਾਲਾ ਸੁਮਿਤ ਕੁਮਾਰ ਉਰਫ਼ ਪੰਡਿਤ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, ਇੱਕ ਆਧੁਨਿਕ 9mm ਗਲੌਕ ਪਿਸਤੌਲ, ਚਾਰ ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਨੂੰ ਪੰਜਾਬ ਵਿੱਚ ਦਹਿਸ਼ਤ ਅਤੇ ਅਸ਼ਾਂਤੀ ਫੈਲਾਉਣ ਲਈ ਤਿਆਰ ਕੀਤਾ ਜਾ ਰਿਹਾ ਸੀ।

ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਉਰਫ਼ ਪੰਡਿਤ (24) ਵਜੋਂ ਹੋਈ ਹੈ, ਜੋ ਰੂਪਨਗਰ ਦੇ ਪਿੰਡ ਸੁਖਸਾਲ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਪੰਡੋਰੀ ਵੜੈਚ ਵਿਖੇ ਰਹਿ ਰਿਹਾ ਸੀ। ਹੈਂਡ ਗ੍ਰਨੇਡ ਅਤੇ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੰਸਟਾਗ੍ਰਾਮ ਰਾਹੀਂ ਸਰਹੱਦ ਪਾਰ ਦੇ ਆਈ.ਐਸ.ਆਈ. ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਉਸ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਲਈ ਪੁਲਿਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਤੇ ਹੈਂਡਲਰਾਂ ਦੀ ਪਛਾਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਸ਼ਾਂਤੀ ਤੇ ਸੁਰੱਖਿਆ ਲਈ ਪੰਜਾਬ ਪੁਲਿਸ ਹਮੇਸ਼ਾ ਚੌਕਸ

ਪੁਲਿਸ ਕਮਿਸ਼ਨਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਆਈਐਸਆਈ ਉਨ੍ਹਾਂ ਨੌਜਵਾਨਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰਦਾ ਹੈ ਜੋ ਵਿੱਤੀ ਤੌਰ ‘ਤੇ ਕਮਜ਼ੋਰ ਹਨ ਜਾਂ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ। ਉਨ੍ਹਾਂ ਨੇ ਉਨ੍ਹਾਂ ਨੂੰ ਅਜਿਹੇ ਤੱਤਾਂ ਦਾ ਸ਼ਿਕਾਰ ਨਾ ਹੋਣ, ਸਖ਼ਤ ਮਿਹਨਤ ਅਤੇ ਇਮਾਨਦਾਰੀ ਦਾ ਰਸਤਾ ਅਪਣਾਉਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਸਰਹੱਦ ਪਾਰ ਅੱਤਵਾਦ ਦਾ ਮੁਕਾਬਲਾ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਹਰ ਪੱਧਰ ‘ਤੇ ਚੌਕਸੀ ਨਾਲ ਕੰਮ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment