ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀ ਜਾ ਰਹੀ ਵਿਵਾਦਤ ਟਿੱਪਣੀਆਂ ਤੋਂ ਬਾਅਦ ਸੂਬੇ ‘ਚ ਰਾਜਨੀਤੀ ਗਰਮਾ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਦੋਵਾਂ ਸਲਾਹਕਾਰਾਂ ਦੀ ਤਿੱਖੀ ਆਲੋਚਨਾ ਕੀਤੀ ਸੀ। ਜਿਸ ਤੋਂ ਬਾਅਦ ਹੁਣ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਕੈਪਟਨ ਦੀ ਗੱਲ ਦਾ ਸਮਰਥਨ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਤੋਂ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ।
ਤਿਵਾੜੀ ਨੇ ਟਵੀਟ ਕਰਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਲੋਕ ਜੰਮੂ-ਕਸ਼ਮੀਰ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ ਹਨ, ਅਤੇ ਪਾਕਿਸਤਾਨੀ ਪੱਖੀ ਹਨ ਕੀ ਉਹ ਕਾਂਗਰਸ ਦਾ ਹਿੱਸਾ ਹੋਣੇ ਚਾਹੀਦੇ ਹਨ। ਇਸ ਟਵੀਟ ਦੇ ਨਾਲ ਤਿਵਾੜੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਉਹ ਬਿਆਨ ਵੀ ਸਾਂਝਾ ਕੀਤਾ ਹੈ, ਜਿਸ ਵਿਚ ਉਨ੍ਹਾਂ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਅਤੇ ਪਿਆਰੇ ਲਾਲ ਗਰਗ ਨੂੰ ਸੋਚ ਸਮਝ ਕੇ ਬਿਆਨਬਾਜ਼ੀ ਕਰਨ ਲਈ ਤਾੜਿਆ ਹੈ। ਇਥੇ ਹੀ ਬਸ ਨਹੀਂ ਤਿਵਾੜੀ ਨੇ ਆਖਿਆ ਹੈ ਕਿ ਅਜਿਹੇ ਬਿਆਨ ਉਨ੍ਹਾਂ ਸਾਰਿਆਂ ਦਾ ਮਜ਼ਾਕ ਉਡਾਉਂਦੇ ਹਨ, ਜਿਨ੍ਹਾਂ ਨੇ ਭਾਰਤ ਲਈ ਆਪਣਾ ਖੂਨ ਵਹਾਇਆ ਹੈ।
I urge @harishrawatcmuk AICC Gen Secy I/C Punjab to seriously introspect that those who do not consider J&K to be a part of India & others who have ostensibly Pro Pakistan leanings should be a part of @INCPunjab
It mocks all those who shed blood for India.https://t.co/j6hDuZ35ci
— Manish Tewari (@ManishTewari) August 23, 2021
ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਬਿਆਨ ਨਾ ਦੇਣ ਦੀ ਚਿਤਾਵਨੀ ਦਿੱਤੀ ਹੈ। ਦਰਅਸਲ, ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਜੰਮੂ -ਕਸ਼ਮੀਰ ਬਾਰੇ ਵਿਵਾਦਤ ਬਿਆਨ ਦਿੱਤਾ ਸੀ। ਦੱਸ ਦਈਏ ਕਿ ਮਾਲਵਿੰਦਰ ਸਿੰਘ ਮਾਲੀ ਨੇ ਜੰਮੂ -ਕਸ਼ਮੀਰ ‘ਤੇ ਬਿਆਨ ਦੇ ਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕਸ਼ਮੀਰ ਇੱਕ ਵੱਖਰਾ ਦੇਸ਼ ਹੈ। ਇਸ ਦੇ ਨਾਲ, ਓਨਾ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਨੇ ਹੀ ਕਸ਼ਮੀਰ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੈ। ਇਸ ਬਿਆਨ ਤੋਂ ਬਾਅਦ ਵਿਰੋਧੀਆਂ ਸਮੇਤ ਕਾਂਗਰਸੀ ਨੇਤਾਵਾਂ ਨੇ ਵੀ ਮਾਲੀ ਨੂੰ ਨਿਸ਼ਾਨਾ ਬਣਾਇਆ ਹੈ।