ਕੈਪਟਨ ਤੋਂ ਬਾਅਦ ਸਿੱਧੂ ਦੇ ਸਲਾਹਕਾਰਾਂ ਤੋਂ ਮਨੀਸ਼ ਤਿਵਾੜੀ ਵੀ ਹੋਏ ਨਾਰਾਜ਼

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀ ਜਾ ਰਹੀ ਵਿਵਾਦਤ ਟਿੱਪਣੀਆਂ ਤੋਂ ਬਾਅਦ ਸੂਬੇ ‘ਚ ਰਾਜਨੀਤੀ ਗਰਮਾ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਦੋਵਾਂ ਸਲਾਹਕਾਰਾਂ ਦੀ ਤਿੱਖੀ ਆਲੋਚਨਾ ਕੀਤੀ ਸੀ। ਜਿਸ ਤੋਂ ਬਾਅਦ ਹੁਣ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਕੈਪਟਨ ਦੀ ਗੱਲ ਦਾ ਸਮਰਥਨ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਤੋਂ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ।

ਤਿਵਾੜੀ ਨੇ ਟਵੀਟ ਕਰਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਲੋਕ ਜੰਮੂ-ਕਸ਼ਮੀਰ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ ਹਨ, ਅਤੇ ਪਾਕਿਸਤਾਨੀ ਪੱਖੀ ਹਨ ਕੀ ਉਹ ਕਾਂਗਰਸ ਦਾ ਹਿੱਸਾ ਹੋਣੇ ਚਾਹੀਦੇ ਹਨ। ਇਸ ਟਵੀਟ ਦੇ ਨਾਲ ਤਿਵਾੜੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਉਹ ਬਿਆਨ ਵੀ ਸਾਂਝਾ ਕੀਤਾ ਹੈ, ਜਿਸ ਵਿਚ ਉਨ੍ਹਾਂ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਅਤੇ ਪਿਆਰੇ ਲਾਲ ਗਰਗ ਨੂੰ ਸੋਚ ਸਮਝ ਕੇ ਬਿਆਨਬਾਜ਼ੀ ਕਰਨ ਲਈ ਤਾੜਿਆ ਹੈ। ਇਥੇ ਹੀ ਬਸ ਨਹੀਂ ਤਿਵਾੜੀ ਨੇ ਆਖਿਆ ਹੈ ਕਿ ਅਜਿਹੇ ਬਿਆਨ ਉਨ੍ਹਾਂ ਸਾਰਿਆਂ ਦਾ ਮਜ਼ਾਕ ਉਡਾਉਂਦੇ ਹਨ, ਜਿਨ੍ਹਾਂ ਨੇ ਭਾਰਤ ਲਈ ਆਪਣਾ ਖੂਨ ਵਹਾਇਆ ਹੈ।

ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਬਿਆਨ ਨਾ ਦੇਣ ਦੀ ਚਿਤਾਵਨੀ ਦਿੱਤੀ ਹੈ। ਦਰਅਸਲ, ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਜੰਮੂ -ਕਸ਼ਮੀਰ ਬਾਰੇ ਵਿਵਾਦਤ ਬਿਆਨ ਦਿੱਤਾ ਸੀ। ਦੱਸ ਦਈਏ ਕਿ ਮਾਲਵਿੰਦਰ ਸਿੰਘ ਮਾਲੀ ਨੇ ਜੰਮੂ -ਕਸ਼ਮੀਰ ‘ਤੇ ਬਿਆਨ ਦੇ ਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕਸ਼ਮੀਰ ਇੱਕ ਵੱਖਰਾ ਦੇਸ਼ ਹੈ। ਇਸ ਦੇ ਨਾਲ, ਓਨਾ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਨੇ ਹੀ ਕਸ਼ਮੀਰ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੈ। ਇਸ ਬਿਆਨ ਤੋਂ ਬਾਅਦ ਵਿਰੋਧੀਆਂ ਸਮੇਤ ਕਾਂਗਰਸੀ ਨੇਤਾਵਾਂ ਨੇ ਵੀ ਮਾਲੀ ਨੂੰ ਨਿਸ਼ਾਨਾ ਬਣਾਇਆ ਹੈ।

Share this Article
Leave a comment