ਚੰਡੀਗੜ੍ਹ : 1 ਮਈ ਮਜ਼ਦੂਰ ਦਿਵਸ ਦੇ ਮੌਕੇ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ‘ਚ ਵੱਡਾ ਫੈਸਲਾ ਲੈਂਦਿਆਂ 1 ਮਈ ਨੂੰ ਮਜ਼ਦੂਰ ਦਿਵਸ ਦੇ ਮੌਕੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਨੂੰ ਹਰੀ ਝੰਡੀ ਦਿੱਤੀ ਗਈ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਇੱਕ ਪੋਸਟ ਰਾਹੀਂ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਇੱਕ ਦਿਨ ਦਾ ਸੈਸ਼ਨ ਦੇਸ਼ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਮਜ਼ਦੂਰਾਂ ਅਤੇ ਕਾਮਿਆਂ ਨੂੰ ਸਮਰਪਿਤ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ “ਪੰਜਾਬ ਕੈਬਨਿਟ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਇੱਕ ਦਿਨਾਂ ਇਜਲਾਸ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਮਜ਼ਦੂਰਾਂ ਅਤੇ ਕਿਰਤੀਆਂ ਨੂੰ ਸਮਰਪਿਤ ਹੋਵੇਗਾ। ਇਸ ਇਤਿਹਾਸਕ ਪਹਿਲਕਦਮੀ ਤਹਿਤ ਸਦਨ ਵਿੱਚ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸੱਦਿਆ ਜਾਵੇਗਾ ਅਤੇ ਮਨਰੇਗਾ ਸਕੀਮ ਵਿੱਚ ਹੋਏ ਬਦਲਾਵਾਂ ਦੇ ਕਿਰਤੀ ਵਰਗ ‘ਤੇ ਪੈਣ ਵਾਲੇ ਪ੍ਰਭਾਵਾਂ ਸਮੇਤ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੀਆਂ ਚੁਣੌਤੀਆਂ ‘ਤੇ ਗੰਭੀਰ ਚਰਚਾ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਲਿਖਿਆ ਕਿ “ਇਸ ਦੇ ਨਾਲ ਹੀ, ਇਜਲਾਸ ਦੌਰਾਨ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ (Business Advisory Committee) ਵੱਲੋਂ ਮੈਨੇਜ ਕੀਤੇ ਜਾਣ ਵਾਲੇ ਹੋਰ ਜ਼ਰੂਰੀ ਵਿਧਾਨਕ ਕੰਮਾਂ ਕਾਰਾਂ ਨੂੰ ਵੀ ਮਿਆਰੀ ਪ੍ਰਕਿਰਿਆ ਅਨੁਸਾਰ ਨੇਪਰੇ ਚਾੜ੍ਹਿਆ ਜਾਵੇਗਾ, ਤਾਂ ਜੋ ਸੂਬੇ ਦੇ ਵਿਕਾਸ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਲੋੜੀਂਦੇ ਫੈਸਲੇ ਲਏ ਜਾ ਸਕਣ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

