ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 2400 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ₹2400.70 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 23 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਬਾਕਾਇਦਾ ਲਾਭ ਪਹੁੰਚਾਇਆ ਜਾ ਰਿਹਾ ਹੈ।ਜਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਿੱਤੀ ਸਾਲ ਦੌਰਾਨ ₹4100 ਕਰੋੜ ਦਾ ਬਜਟ ਉਪਬੰਧ ਕੀਤਾ ਹੈ, ਤਾਂ ਜੋ ਹਰ ਬਜ਼ੁਰਗ ਨੂੰ ਸਮੇਂ ਸਿਰ ਉਸਦੀ ਬਣਦੀ ਪੈਨਸ਼ਨ ਮਿਲ ਸਕੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਸੂਬੇ ਦਾ ਮਾਣ ਮੰਨਦੀ ਹੈ। ਇਸ ਲਈ ਉਨ੍ਹਾਂ ਦੇ ਮਾਣ-ਸਨਮਾਨ ਦੀ ਰੱਖਿਆ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।

ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਹਰ ਬਜ਼ੁਰਗ ਦੀ ਇੱਜ਼ਤ ਤੇ ਸਹੂਲਤ ਲਈ ਵਚਨਬੱਧ ਹੈ। ਇਹ ਪੈਨਸ਼ਨ ਸਕੀਮ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਬਜ਼ੁਰਗਾਂ ਪ੍ਰਤੀ ਸਰਕਾਰ ਦੇ ਸਨਮਾਨ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ।

ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ “ਸਾਡੇ ਬਜ਼ੁਰਗ ਸਾਡਾ ਮਾਣ ਹਨ”, ਇਸ ਲਈ ਉਨ੍ਹਾਂ ਦੀ ਪੈਨਸ਼ਨ ਸਮੇਂ ਸਿਰ ਜਾਰੀ ਹੋਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰ ਯੋਗ ਲਾਭਪਾਤਰੀ ਤੱਕ ਸਕੀਮ ਦਾ ਲਾਭ ਯਕੀਨੀ ਤੌਰ ‘ਤੇ ਪਹੁੰਚਾਇਆ ਜਾਵੇ।

Share This Article
Leave a Comment