ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਅਪਗ੍ਰੇਡ ਕਰਕੇ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਜਿਸ ਤਹਿਤ ਲਾਭਪਾਤਰੀ ਨੂੰ 10 ਲੱਖ ਰੁਪਏ ਤੱਕ ਦਾ ਬੀਮਾ ਕਰਵ ਦਿੱਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਜਿਸ ਦੇ ਤਹਿਤ ਮੁਫ਼ਤ ਇਲਾਜ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨਿੱਜੀ ਹਸਪਤਾਲਾਂ ਨਾਲ ਕੁੱਝ ਬੀਮਾਰੀਆਂ ਤੇ ਸਪੈਸ਼ਲ ਆਪ੍ਰੇਸ਼ਨਾਂ ਦਾ ਰੇਟ ਤੈਅ ਕਰਨ ‘ਤੇ ਵਿਚਾਰ ਕਰ ਰਹੀ ਹੈ। ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਬਿਮਾਰੀਆਂ ਦੇ ਰੇਟ ਤੈਅ ਨਾ ਕੀਤੇ ਗਏ ਤਾਂ ਨਿੱਜੀ ਹਸਪਤਾਲ ਮਨਮਰਜ਼ੀ ਦਾ ਬਿਲ ਬਣਾਉਣਗੇ। ਜਿਸ ਨਾਲ ਪੰਜਾਬ ਸਰਕਾਰ ਦੀ ਇਸ ਸਿਹਤ ਸਕੀਮ ਦਾ ਬਜਟ ਹਿੱਲ ਸਕਦਾ ਹੈ।
ਚਰਚਾਵਾਂ ਚੱਲ ਰਹੀਆਂ ਹਨ ਕਿ ਮਾਨ ਸਰਕਾਰ ਇਸ ਯੋਜਨਾ ਨੂੰ ਦਸੰਬਰ ‘ਚ ਹਰ ਹਾਲਤ ਲਾਗੂ ਕਰਨਾ ਚਾਹੁੰਦੀ ਹੈ, ਹਾਲਾਂਕਿ ਪਹਿਲਾਂ ਸਰਕਾਰ ਨੇ ਦੋ ਅਕਤੂਬਰ ਨੂੰ ਗਾਂਧੀ ਜੈਅੰਤੀ ਮੌਕੇ ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਸੀ। ਤਰਨਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੀ ਘੋਸ਼ਣਾ ਤੋਂ ਪਹਿਲਾਂ ਸਰਕਾਰ ਨੇ ਤਰਨਤਾਰਨ ਤੇ ਬਰਨਾਲਾ ਜ਼ਿਲ੍ਹੇ ‘ਚ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਸੀ। ਪਰ ਤਕਨੀਕੀ ਕਾਰਨਾਂ ਕਰ ਕੇ ਸਕੀਮ ਸਿਰੇ ਨਹੀਂ ਚੜ੍ਹ ਸਕੀ।
ਇੱਕ ਪੰਜਾਬੀ ਅਖ਼ਬਾਰ ਦੀ ਰਿਪੋਰਟ ਦੇ ਮੁਤਾਬਕ ਦੇਸ਼ ਦੀਆਂ ਚਾਰ ਪ੍ਰਮੁੱਖ ਬੀਮਾ ਕੰਪਨੀਆਂ ਨਿਊ ਇੰਡੀਆਂ, ਓਰੀਐਂਟਲ ਸਮੇਤ ਚਾਰ ਕੰਪਨੀਆਂ ਨਾਲ ਵਿਭਾਗੀ ਕਾਰਵਾਈ ਦਾ ਕੰਮ ਮੁਕੰਮਲ ਹੋ ਗਿਆ ਹੈ। ਸਿਹਤ ਵਿਭਾਗ ਦੇ ਉਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਸਰਕਾਰੀ ਬੀਮਾ ਕੰਪਨੀਆਂ ਨੂੰ ਸ਼ਾਮਲ ਕੀਤੇ ਜਾਣ ਨਾਲ ਜਾਅਲੀ ਬਿੱਲਾਂ ਦੇ ਭੁਗਤਾਨ ਨੂੰ ਇਕ ਤਰ੍ਹਾਂ ਨਾਲ ਵਿਰਾਮ ਲੱਗ ਜਾਵੇਗਾ। ਅਕਸਰ ਵਿਭਾਗ ਨੂੰ ਇਹ ਰਿਪੋਰਟਾਂ ਮਿਲਦੀਆਂ ਹਨ ਕਿ ਬੀਮਾ ਖ਼ੇਤਰ ਨਾਲ ਸਬੰਧਤ ਨਿੱਜੀ ਕੰਪਨੀਆਂ ਪ੍ਰਾਈਵੇਟ ਹਸਪਤਾਲਾਂ ਨਾਲ ਮਿਲਕੇ ਡੁਪਲੀਕੇਟ ਬਿੱਲ ਤਿਆਰ ਕਰਕੇ ਸਰਕਾਰੀ ਖ਼ਜਾਨੇ ਨੂੰ ਚੂਨਾ ਲਗਾਉਂਦੀਆਂ ਹਨ।
ਭਾਵੇਂ ਬਿਲ ਦਾ ਭੁਗਤਾਨ ਕੀਤੇ ਜਾਣ ਨਾਲ ਮਰੀਜ਼ ਨੂੰ ਕੋਈ ਫ਼ਰਕ ਨਹੀ ਪੈਂਦਾ ਪਰ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗ ਜਾਂਦਾ ਹੈ। ਇਹੀ ਕਰਾਨ ਹੈ ਕਿ ਸਰਕਾਰ ਨੇ ਸਰਕਾਰੀ ਬੀਮਾ ਕੰਪਨੀਆਂ ਨੂੰ ਸ਼ਾਮਲ ਕਰਨ ਦੇ ਨਾਲ ਵਿਸ਼ੇਸ਼ ਬੀਮਾਰੀਆਂ ਦੇ ਇਲਾਜ ਲਈ ਰੇਟ ਤੈਅ ਕਰਨ ਦਾ ਫ਼ੈਸਲਾ ਕੀਤਾ ਹੈ। ਸਿਹਤ ਵਿਭਾਗ ਦੇ ਉਚ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਕੀਤੀ ਹੈ। ਮੌਜੂਦਾ ਸਮੇਂ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜ ਲੱਖ ਰੁਪਏ ਤੱਕ ਦਾ ਇਲਾਜ਼ ਮੁਫ਼ਤ ਕੀਤਾ ਜਾਂਦਾ ਹੈ, ਪਰ ਸਰਕਾਰ ਨੇ ਜੁਲਾਈ ਦੀ ਕੈਬਨਿਟ ਮੀਟਿੰਗ ‘ਚ ਦਸ ਲੱਖ ਰੁਪਏ ਤੱਕ ਦਾ ਪਰਿਵਾਰ ਨੂੰ ਮੁਫ਼ਤ ਇਲਾਜ ਕਰਵਾਉਣ ਦੀ ਯੋਜਨਾ ਦੀ ਪ੍ਰਵਾਨਗੀ ਦਿੱਤੀ ਸੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਦਾਅਵਾ ਹੈ ਕਿ ਸਰਕਾਰ ਨੇ ਇਸ ਯੋਜਨਾ ਲਈ 1100 ਕਰੋੜ ਰੁਪਏ ਦੇ ਬਜਟ ਦਾ ਪ੍ਰਾਵਧਾਨ ਕੀਤਾ ਹੈ। ਇੱਥੇ ਦੱਸਿਆ ਜਾਂਦਾ ਹੈ ਕਿ ਦੇਸ਼ ‘ਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਲਾਗੂ ਕੀਤੇ ਜਾਣ ਨਾਲ ਸੂਬੇ ਦੇ ਕਰੀਬ ਸਾਢੇ 16 ਲੱਖ ਲੋਕਾਂ ਨੂੰ ਸਕੀਮ ‘ਚ ਸ਼ਾਮਲ ਕੀਤਾ ਗਿਆ ਸੀ, ਪਰ ਤੱਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਯੋਜਨਾ ‘ਚ ਕਿਸਾਨਾਂ, ਛੋਟੇ ਕਾਰੋਬਾਰੀਆਂ, ਦੁਕਾਨਦਾਰਾਂ, ਪੱਤਰਕਾਰਾਂ ਤੇ ਹੋਰਨਾਂ ਨੂੰ ਵੀ ਸ਼ਾਮਲ ਕਰ ਦਿੱਤਾ ਤੇ ਸਕੀਮ ਦਾ ਨਾਮ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾਂ ਰੱਖ ਦਿੱਤਾ ਗਿਆ।

