ਗੁਰੂਗ੍ਰਾਮ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਅਚਾਨਕ ਗੁਰੂਗ੍ਰਾਮ ਪਹੁੰਚੇ। ਦੋਵੇਂ ਆਗੂ ਸਿੱਧੇ ਭੋਂਡਸੀ ਜੇਲ੍ਹ ਗਏ, ਜਿੱਥੇ ਉਨ੍ਹਾਂ ਨੇ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ।
ਜੇਲ੍ਹ ਪ੍ਰਸ਼ਾਸਨ ਤੋਂ ਮਨਜ਼ੂਰੀ ਮਿਲਣ ਮਗਰੋਂ ਦੋਵੇਂ ਆਗੂਆਂ ਨੇ ਲਗਭਗ 20 ਮਿੰਟ ਤੱਕ ਸੰਜੀਵ ਅਰੋੜਾ ਨਾਲ ਗੱਲਬਾਤ ਕੀਤੀ। ਇਹ ਮੁਲਾਕਾਤ ਇੱਕ ਵੱਖਰੇ ਕਮਰੇ ਵਿੱਚ ਹੋਈ।
ED ਨੇ 9 ਮਈ ਨੂੰ ਕੀਤਾ ਸੀ ਗ੍ਰਿਫ਼ਤਾਰ
ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 9 ਮਈ ਨੂੰ ਮਨੀ ਲਾਂਡਰਿੰਗ ਅਤੇ 100 ਕਰੋੜ ਰੁਪਏ ਤੋਂ ਵੱਧ ਦੇ ਕਥਿਤ ਜਾਅਲੀ GST ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਗ੍ਰਿਫ਼ਤਾਰੀ ਤੋਂ ਬਾਅਦ ਜਾਂਚ ਏਜੰਸੀ ਨੇ ਪਹਿਲਾਂ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ’ਤੇ ਲਿਆ ਸੀ। ਇਸ ਤੋਂ ਬਾਅਦ ਦੋ ਦਿਨਾਂ ਦਾ ਹੋਰ ਰਿਮਾਂਡ ਵੀ ਮਿਲਿਆ। ਪੁੱਛਗਿੱਛ ਪੂਰੀ ਹੋਣ ਮਗਰੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ।
ਗ੍ਰਿਫ਼ਤਾਰੀ ਤੋਂ ਬਾਅਦ AAP ਦਾ ਖੁੱਲ੍ਹਾ ਸਮਰਥਨ
ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਲਗਾਤਾਰ ਉਨ੍ਹਾਂ ਦੇ ਹੱਕ ਵਿੱਚ ਖੜ੍ਹੀ ਨਜ਼ਰ ਆ ਰਹੀ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਦੇ ਨੇਤਾਵਾਂ ’ਤੇ ਦਬਾਅ ਬਣਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ।
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੇਲ੍ਹ ਵਿੱਚ ਜਾ ਕੇ ਕੀਤੀ ਗਈ ਇਹ ਮੁਲਾਕਾਤ ਵੀ ਇਸ ਗੱਲ ਦਾ ਸੰਕੇਤ ਮੰਨੀ ਜਾ ਰਹੀ ਹੈ ਕਿ ਪਾਰਟੀ ਲੀਡਰਸ਼ਿਪ ਸੰਜੀਵ ਅਰੋੜਾ ਦੇ ਨਾਲ ਖੜ੍ਹੀ ਹੈ।

