ਸ੍ਰੀ ਅਨੰਦਪੁਰ ਸਾਹਿਬ ਵਿਖੇ ਟੈਂਟ ਸਿਟੀ ‘ਚ ਲੱਗੀ ਭਿਆਨਕ ਅੱਗ, 13 ਟੈਂਟ ਸੜ ਕੇ ਹੋਏ ਸੁਆਹ

Global Team
3 Min Read

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਅਗਮਪੁਰ ਵਿਖੇ ਸਰਕਾਰੀ ਆਈ.ਟੀ.ਆਈ. ਦੇ ਪਿੱਛੇ ਬਣਾਈ ਗਈ ਟੈਂਟ ਸਿਟੀ ਵਿੱਚ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਇਸ ਘਟਨਾ ਵਿੱਚ 13 ਟੈਂਟ ਪੂਰੀ ਤਰ੍ਹਾਂ ਸੜ ਕੇ ਖਾਕ ਹੋ ਗਏ ਹਨ। ਖੁਸ਼ਕਿਸਮਤੀ ਨਾਲ ਅੱਗ ਲੱਗਣ ਵੇਲੇ ਟੈਂਟਾਂ ਵਿੱਚ ਕੋਈ ਵੀ ਸ਼ਰਧਾਲੂ ਮੌਜੂਦ ਨਹੀਂ ਸੀ, ਕਿਉਂਕਿ ਸਾਰੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਗਏ ਹੋਏ ਸਨ। ਇਸ ਕਰਕੇ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਟੈਂਟ ਸਿਟੀ ਵਿੱਚ ਅੱਗ ਦਾ ਖ਼ੌਫਨਾਕ ਮੰਜ਼ਰ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਅਗਮਪੁਰ ਵਿਖੇ ਸ਼ਰਧਾਲੂਆਂ ਦੇ ਠਹਿਰਣ ਲਈ ਏਅਰ ਕੰਡੀਸ਼ਨਡ ਅਤੇ ਵਾਟਰਪ੍ਰੂਫ਼ ਟੈਂਟ ਸਿਟੀ ਬਣਾਈ ਗਈ ਹੈ, ਜਿੱਥੇ ਯਾਤਰੀਆਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਅੱਜ ਸਵੇਰੇ ਅਚਾਨਕ ਟੈਂਟ ਸਿਟੀ ਦੇ ਇੱਕ ਕੈਬਿਨ ਬਲਾਕ ਵਿੱਚ ਅੱਗ ਲੱਗ ਗਈ,ਜਿਸ ਕਾਰਨ ਕਰੀਬ ਇੱਕ ਦਰਜਨ ਕੈਬਿਨ ਅੱਗ ਦੀ ਚਪੇਟ ਵਿੱਚ ਆ ਕੇ ਨੁਕਸਾਨੇ ਗਏ ਹਨ। ਇਸ ਘਟਨਾ ਦਾ ਜਿਓਂ ਹੀ ਮੌਕੇ ਤੇ ਮੌਜੂਦ ਲੋਕਾਂ ਨੂੰ ਪਤਾ ਲੱਗਿਆ ਤਾਂ ਵੱਡੀ ਗਿਣਤੀ ਵਿੱਚ ਲੋਕਾਂ ਦਾ ਵੱਡਾ ਇਕੱਠ ਹੋ ਗਿਆ। ਜਿਨ੍ਹਾਂ ਵੱਲੋਂ ਕਾਫੀ ਮੁਸ਼ੱਕਤ ਅੱਗ ਬੁਝਾਉਣ ਲਈ ਕੀਤੀ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਵੀ ਗੱਡੀਆਂ ਲੈ ਕੇ ਮੌਕੇ ਤੇ ਪਹੁੰਚ ਗਏ ਜਿਨ੍ਹਾਂ ਵੱਲੋਂ ਲੋਕਾਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ ਗਿਆ।

ਅੱਗ ਦੀ ਘਟਨਾ ਦੀ ਖ਼ਬਰ ਮਿਲਦੇ ਹੀ ਐੱਸ.ਡੀ.ਐੱਮ. ਸੁਖਪਾਲ ਸਿੰਘ, ਤਹਿਸੀਲਦਾਰ ਸੰਦੀਪ ਕੁਮਾਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਤੋਂ ਪੂਰੀ ਜਾਣਕਾਰੀ ਪ੍ਰਾਪਤ ਕੀਤੀ।

ਐੱਸ.ਡੀ.ਐੱਮ. ਸੁਖਪਾਲ ਸਿੰਘ ਨੇ ਦੱਸਿਆ ਕਿ ਅੱਗ ਕਿਵੇਂ ਲੱਗੀ, ਇਸ ਦੇ ਅਸਲ ਕਾਰਨਾਂ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਜਾਂਚ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਸਾਰੇ ਤੱਥਾਂ ਦੀ ਜਾਂਚ ਕਰਕੇ ਆਪਣੀ ਰਿਪੋਰਟ ਪ੍ਰਸ਼ਾਸਨ ਨੂੰ ਦੇਵੇਗੀ, ਜਿਸ ਤੋਂ ਬਾਅਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਟੈਂਟ ਸਿਟੀ ਵਿੱਚ ਤਾਇਨਾਤ ਕਰਮਚਾਰੀਆਂ ਨੂੰ ਸੁਰੱਖਿਆ ਦੇ ਪ੍ਰਬੰਧ ਹੋਰ ਮਜ਼ਬੂਤ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੂਰੀ ਟੈਂਟ ਸਿਟੀ ਦੀ ਸੁਰੱਖਿਆ ਵਿਵਸਥਾ ਦੀ ਮੁੜ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment