ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ 10 ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਪੰਜਵੇਂ ਗੇੜ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ ‘ਚ 41 ਦੇ ਕਰੀਬ ਕਿਸਾਨ ਜਥੇਬੰਦੀਆਂ ਦੇ ਆਗੂ ਮੌਜੂਦ ਹਨ। ਉੱਧਰ ਕੇਂਦਰ ਸਰਕਾਰ ਵਲੋਂ ਨਰਿੰਦਰ ਸਿੰਘ ਤੋਮਰ ਅਤੇ ਪਿਊਸ਼ ਗੋਇਲ ਮੌਜੂਦ ਹਨ।
ਇਸ ਤੋਂ ਪਹਿਲਾਂ ਤਿੰਨ ਦਸੰਬਰ ਨੂੰ ਹੋਈ ਮੀਟਿੰਗ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿੱਚੋਂ 9 ਨੁਕਤੇ ਮੰਤਰੀਆਂ ਸਾਹਮਣੇ ਰੱਖੇ ਸਨ, ਅਤੇ ਕਿਸਾਨਾਂ ਨੇ ਕਿਹਾ ਸੀ ਕਿ ਇਹ ਨੁਕਤੇ ਕਿਸਾਨ ਮਾਰੂ ਹਨ।
ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਨ੍ਹਾਂ ਨੁਕਤਿਆਂ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਸੀ। ਪਰ ਹੁਣ ਕਿਸਾਨ ਬਜ਼ਿੱਦ ਹਨ ਕਿ ਅੱਜ ਦੀ ਮੁਲਾਕਾਤ ਵਿੱਚ ਸਿਰਫ਼ ਦੋ ਟੁੱਕ ਗੱਲ ਹੋਵੇਗੀ ਕੀ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ ਜਾਂ ਨਹੀਂ ?
ਕਿਸਾਨ ਜਥੇਬੰਦੀਆਂ ਵੱਲੋਂ ਬੀਤੀ ਦਿਨੀਂ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਕਿ ਜੇ ਕੇਂਦਰ ਸਰਕਾਰ ਵੱਲੋਂ ਇਹ ਕਾਨੂੰਨ ਵਾਪਸ ਨਾ ਲਏ ਗਏ ਤਾਂ ਪੂਰੇ ਦੇਸ਼ ਭਰ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।