ਪਟਿਆਲਾ/ਸਿੰਘੂ ਬਾਰਡਰ : ਵੀਰਵਾਰ ਨੂੰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ ਦੀ ਭਵਿੱਖ ਦੀ ਰਣਨੀਤੀ, ਆਉਂਦੇੇ ਦਿਨਾਂ ਦੇ ਪ੍ਰੋਗਰਾਮ ਅਤੇ ਟੋਹਾਣਾ ਦੇ ਕਿਸਾਨਾਂ ਦੇ ਮੁੱਦੇ ਬਾਰੇ ਪ੍ਰਮੁੱਖਤਾ ਨਾਲ ਚਰਚਾ ਕੀਤੀ ਗਈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਦੱਸਿਆ ਕਿ ਮੀਟਿੰਗ ਭਾਰਤੀ ਕਿਸਾਨ ਮੰਚ ਬੂਟਾ ਸਿੰਘ ਸ਼ਾਦੀਪੁਰ ਦੀ ਪ੍ਰਧਾਨਗੀ ਹੇਠ ਹੋਈ।
ਇਸ ਦੌਰਾਨ ਚੱਲ ਰਹੇ ਅੰਦੋਲਨ ਦਾ ਪੂਰਾ ਜਾਇਜ਼ਾ ਲਿਆ ਗਿਆ, ਕਿਸਾਨ ਆਗੂਆਂ ਨੇ ਦੱਸਿਆ ਕਿ ਵੱਡੀ ਪੱਧਰ ਤੇ ਜਥੇ ਅੰਦੋਲਨ ਵਿੱਚ ਲਗਾਤਾਰ ਸ਼ਾਮਲ ਹੋ ਰਹੇ ਹਨ। ਝੋਨੇ ਦੇ ਸੀਜ਼ਨ ਦੌਰਾਨ ਵੀ ਕਿਸਾਨਾਂ ਦੇ ਜਥੇ ਅਤੇ ਕਿਸਾਨ ਬੀਬੀਆਂ ਦੇ ਜਥੇ ਵੱਡੀ ਪੱਧਰ ਤੇ ਅੰਦੋਲਨ ਵਿਚ ਸ਼ਮੂਲੀਅਤ ਕਰਦੇ ਰਹਿਣਗੇ। ਦਿੱਲੀ ਦੇ ਬਾਰਡਰ ਤੇ ਚੱਲ ਰਿਹਾ ਕਿਸਾਨ ਅੰਦੋਲਨਾਂ ਤਿੰਨੋਂ ਕਿਸਾਨਾਂ ਵਿਰੋਧੀ ਬਿੱਲ ਰੱਦ ਕਰਵਾਉਣ ਤੇ ਐੱਮਐੱਸਪੀ ਤੇ ਕਾਨੂੰਨ ਬਣਵਾਉਣ ਤੱਕ ਜਾਰੀ ਰਹੇਗਾ।
ਇਸ ਹਫ਼ਤੇ ਦੇ ਪ੍ਰੋਗਰਾਮਾਂ ਦੇ ਵੇਰਵੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 5 ਜੂਨ ਨੂੰ ਬੀਜੇਪੀ ਦੇ ਆਗੂਆਂ ਤੇ ਦਫ਼ਤਰਾਂ ਅੱਗੇ ਕਾਲੇ ਕਾਨੂੰਨਾਂ ਦੀਆ ਕਾਪੀਆਂ ਸਾੜੀਆਂ ਜਾਣਗੀਆਂ।
6 ਜੂਨ ਨੂੰ ਘੱਲੂਘਾਰਾ ਦਿਵਸ ਤੇ ਅਰਦਾਸ ਕੀਤੀ ਜਾਵੇਗੀ ਅਤੇ 6 ਜੂਨ 2017 ਨੂੰ ਮੰਦਸੌਰ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਲੀ ਦੇ ਸਾਰੇ ਮੋਰਚਿਆਂ, ਸਟੇਜਾਂ ਤੇ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ ।
9 ਜੂਨ ਨੂੰ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਦਿਨ ‘ਸਿੰਘੂ ਸਟੇਜ’ ਤੋਂ ਮਨਾਇਆ ਜਾਵੇਗਾ ।
ਇਸ ਮੀਟਿੰਗ ਵਿਚ ਮਤਾ ਪਾ ਕੇ ਹਰਿਆਣਾ ਸਰਕਾਰ ਵੱਲੋਂ ਟੋਹਾਣਾ ਵਿਚ ਕਿਸਾਨਾਂ ਨਾਲ ਕੀਤੇ ਦੁਰਵਿਹਾਰ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੇ ਖੱਟਰ ਸਰਕਾਰ ਦੀ ਨਿਖੇਧੀ ਕੀਤੀ ਗਈ।ਸਮੂਹ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਤਿੰਨੋਂ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇ।
ਇਸ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ, ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬੂਟਾ ਸਿੰਘ ਬੁਰਜਗਿੱਲ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ, ਜਮਹੂਰੀ ਕਿਸਾਨ ਸਭਾ ਦੇ ਆਗੂ ਸਤਨਾਮ ਸਿੰਘ ਅਜਨਾਲਾ, ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਕਰਨਜੀਤ ਸਿੰਘ ਸੇਖੋਂ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ ਨੱਥੂਵਾਲਾ, ਆਜ਼ਾਦ ਕਿਸਾਨ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਮਿੰਦਰ ਸਿੰਘ ਪਟਿਆਲਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਅਵਤਾਰ ਸਿੰਘ ਮੇਹਲੋਂ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮਕੇ, ਕਿਸਾਨ ਸੰਘਰਸ਼ ਕਮੇਟੀ ਸੂਬਾ ਸਕੱਤਰ ਹਰਜੀਤ ਸਿੰਘ ਰਵੀ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਰਾਜੂ ਔਲਖ, ਗੰਨਾ ਸੰਘਰਸ਼ ਕਮੇਟੀ ਦੇ ਆਗੂ ਸੁਖਪਾਲ ਸਿੰਘ ਡੱਫਰ, ਦੋਆਬਾ ਕਿਸਾਨ ਸਘਰਸ਼ ਕਮੇਟੀ ਦੇ ਆਗੂ ਮੁਕੇਸ਼ ਚੰਦਰ ਦੋਆਬਾ, ਕਿਸਾਨ ਕਮੇਟੀ ਦੇ ਆਗੂ ਜੰਗਵੀਰ ਸਿੰਘ ਚੌਹਾਨ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਜਸਬੀਰ ਸਿੰਘ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ਦੇ ਆਗੂ ਬਲਦੇਵ ਸਿੰਘ ਸਿਰਸਾ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਾਏ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਬਲਦੇਵ ਸਿੰਘ ਨਿਹਾਲਗਡ਼੍ਹ, ਜਨਰਲ ਸਕੱਤਰ ਬਲਕਰਨ ਬਰਾੜ, ਪੰਜਾਬ ਕਿਸਾਨ ਸਭਾ ਦੇ ਮੇਜਰ ਸਿੰਘ ਪੁੰਨਾਂਵਾਲ, ਜੈ ਕਿਸਾਨ ਅੰਦੋਲਨ ਦੇ ਗੁਰਬਖ਼ਸ਼ ਸਿੰਘ ਬਰਨਾਲਾਾ, ਬੀਬੀ ਰਵਿੰਦਰਪਾਲ ਕੌਰ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਆਗੂ ਹਾਜ਼ਰ ਹੋਏ।