ਚੰਡੀਗੜ੍ਹ : ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ ਇਸ ਸਮੇਂ ਔਖੇ ਸਿਆਸੀ ਦੌਰ ਵਿੱਚੋਂ ਗੁਜ਼ਰ ਰਹੀ ਹੈ। ਸੱਤ ਰਾਜ ਸਭਾ ਮੈਂਬਰਾਂ ਵੱਲੋਂ ਬਗਾਵਤੀ ਤੇਵਰ ਅਪਣਾ ਕੇ ਪਾਰਟੀ ਛੱਡਣ ਅਤੇ ਭਾਜਪਾ ਦਾ ਪੱਲਾ ਫੜਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਖ਼ੁਦ ਮੋਰਚਾ ਸੰਭਾਲ ਲਿਆ ਹੈ।
ਅੱਜ ਪਾਰਟੀ ਨੇ ਇੱਕ ਅਹਿਮ ਮੀਟਿੰਗ ਬੁਲਾਈ ਹੈ। ਆਮ ਆਦਮੀ ਪਾਰਟੀ (ਆਪ) ਵੱਲੋਂ ਬੁੱਧਵਾਰ ਨੂੰ ਜਲੰਧਰ ਵਿੱਚ ਪਾਰਟੀ ਵਰਕਰਾਂ ਦੀ ਸੂਬਾਈ ਮੀਟਿੰਗ ਕੀਤੀ ਜਾ ਰਹੀ ਹੈ। ਬੈਠਕ ਲਈ ‘ਆਪ’ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਹਜ਼ਾਰ ਦੇ ਕਰੀਬ ਬਲਾਕ ਆਬਜ਼ਰਵਰਾਂ ਨੂੰ ਬੁਲਾਇਆ ਗਿਆ ਹੈ। ਇਹ ਮੀਟਿੰਗ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਵਿੱਚ ਪਾਰਟੀ ਦਾ ਜ਼ੋਰ ਵਿਧਾਇਕਾਂ ਨੂੰ ਇੱਕਜੁੱਟ ਰੱਖਣ, ਵਰਕਰਾਂ ਦਾ ਮਨੋਬਲ ਵਧਾਉਣ ਅਤੇ ਇਹ ਸੰਦੇਸ਼ ਦੇਣ ‘ਤੇ ਰਹੇਗਾ ਕਿ ਪਾਰਟੀ ਅਜੇ ਵੀ ਮਜ਼ਬੂਤ ਹੈ।
ਕਿਹਾ ਜਾ ਰਿਹਾ ਹੈ ਕਿ ਸੰਸਦ ਮੈਂਬਰਾਂ ਦੀ ਬਗਾਵਤ ਤੋਂ ਬਾਅਦ ਪੰਜਾਬ ਵਿੱਚ ਸਥਿਤੀ ਸੰਭਾਲਣ ਦੀ ਜ਼ਿੰਮੇਵਾਰੀ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੇ ਮੋਢਿਆਂ ‘ਤੇ ਹੈ। ਦੋਵਾਂ ਆਗੂਆਂ ਨੂੰ ਜਥੇਬੰਦੀ ਨੂੰ ਮਜ਼ਬੂਤ ਬਣਾਈ ਰੱਖਣ, ਅਸੰਤੁਸ਼ਟ ਆਗੂਆਂ ਨਾਲ ਗੱਲਬਾਤ ਕਰਨ ਅਤੇ ਸਰਕਾਰ ਦੇ ਕੰਮਕਾਜ ਨੂੰ ਜਨਤਾ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਸਪਸ਼ਟ ਕੀਤਾ ਕਿ ਇਹ ਮੀਟਿੰਗ ਪਾਰਟੀ ਵਰਕਰਾਂ ਨਾਲ ਰੁਟੀਨ ਦੀ ਮੀਟਿੰਗ ਹੈ। ਇਸ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਕੀਤੇ ਜਾਣ ਵਾਲੇ ਕੰਮਕਾਜ ਬਾਰੇ ਰਣਨੀਤੀ ਤਿਆਰ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

