ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਪਾਕਿਸਤਾਨ ਹਾਈ ਕਮਿਸ਼ਨ ਨਾਲ ਮੀਟਿੰਗ

Global Team
3 Min Read

ਅੰਮ੍ਰਿਤਸਰ  – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ਾ ਦੇਣ ਲਈ ਆਖਿਆ ਹੈ। ਉਨ੍ਹਾਂ ਹਾਈ ਕਮਿਸ਼ਨਰ ਨੂੰ ਇਸ ਬਾਰੇ ਇਕ ਲਿਖਤੀ ਪੱਤਰ ਵੀ ਸੌਪਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀ.ਕੇ., ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ ਮੌਜੂਦ ਸਨ।

ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਕਰਵਾਏ ਜਾਣ ਵਾਲੇ ਅਲੌਕਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਹਰ ਨਾਨਕ ਲੇਵਾ ਸਿੱਖ ਦੇ ਮਨ ਵਿੱਚ ਡੂੰਘੀ ਤਾਂਘ ਅਤੇ ਭਾਵਨਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵਿਚਾਲੇ ਹੋਏ ਦੁਵੱਲੇ ਸਮਝੌਤਿਆਂ ਤਹਿਤ ਸ਼੍ਰੋਮਣੀ ਕਮੇਟੀ ਰਾਹੀਂ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਂਦਾ ਹੈ, ਜਿਸ ਤਹਿਤ ਆਮ ਤੌਰ ‘ਤੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਲਗਭਗ 1800 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਂਦੇ ਹਨ।

ਐਡਵੋਕੇਟ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਨਿੱਜੀ ਪੱਧਰ ‘ਤੇ ਸੰਗਠਿਤ ਜਥਿਆਂ ਨੂੰ ਵੀਜ਼ੇ ਮਿਲਣ ਵਿੱਚ ਆ ਰਹੀਆਂ ਔਕੜਾਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਬੰਦ ਹੋਣ ਕਾਰਨ ਸੰਗਤਾਂ ਅੰਦਰ ਪਾਕਿਸਤਾਨ ਸਥਿਤ ਵਿਛੜੇ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਦੀ ਤਾਂਘ ਬੇਹੱਦ ਵਧ ਚੁੱਕੀ ਹੈ। ਇਸੇ ਕਾਰਨ ਨਵੰਬਰ 2026 ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਹੁਣ ਤੱਕ 7500 ਤੋਂ ਵੱਧ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਚੁੱਕੇ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸੰਖਿਆ ਮਹਿਜ਼ ਕੋਈ ਅੰਕੜਾ ਨਹੀਂ ਹੈ, ਸਗੋਂ ਸਿੱਖ ਕੌਮ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨਾਂ ਪ੍ਰਤੀ ਅਥਾਹ ਸ਼ਰਧਾ ਅਤੇ ਅਟੁੱਟ ਭਾਵਨਾਤਮਕ ਸਾਂਝ ਦਾ ਪ੍ਰਤੀਕ ਹੈ। ਇਸ ਲਈ ਪਾਕਿਸਤਾਨ ਹਾਈ ਕਮਿਸ਼ਨ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਕੋਟੇ ਦੇ ਦਾਇਰੇ ਤੋਂ ਬਾਹਰ ਆ ਕੇ ਸ਼੍ਰੋਮਣੀ ਕਮੇਟੀ ਰਾਹੀਂ ਭੇਜੀ ਜਾ ਰਹੀ 7500 ਤੋਂ ਵੱਧ ਸ਼ਰਧਾਲੂਆਂ ਦੀ ਸਮੁੱਚੀ ਸੂਚੀ ਨੂੰ ਪ੍ਰਵਾਨ ਕਰੇ ਅਤੇ ਵਿਸ਼ੇਸ਼ ਪ੍ਰਬੰਧ ਤਹਿਤ ਸਾਰਿਆਂ ਨੂੰ ਵੀਜ਼ੇ ਮੁਹੱਈਆ ਕਰਵਾਏ।

ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਵੱਲੋਂ ਇਹ ਯਾਤਰਾ ਧਾਰਮਿਕ ਸ਼ਰਧਾ, ਗੁਰਧਾਮਾਂ ਦੇ ਦਰਸ਼ਨਾਂ ਅਤੇ ਗੁਰੂ ਸਾਹਿਬ ਨਾਲ ਜੁੜੇ ਪਾਵਨ ਇਤਿਹਾਸ ਨੂੰ ਨਤਮਸਤਕ ਹੋਣ ਦੀ ਭਾਵਨਾ ਨਾਲ ਕੀਤੀ ਜਾਂਦੀ ਹੈ। ਇਸ ਲਈ ਪਾਕਿਸਤਾਨ ਸਰਕਾਰ ਅਤੇ ਹਾਈ ਕਮਿਸ਼ਨ ਵੱਲੋਂ ਇਸ ਨੂੰ ਧਾਰਮਿਕ ਭਾਵਨਾਵਾਂ ਨਾਲ ਜੋੜ ਕੇ ਵਿਚਾਰਿਆ ਜਾਣਾ ਚਾਹੀਦਾ ਹੈ।
Share This Article
Leave a Comment