ਚੰਡੀਗੜ੍ਹ: ਪੰਜਾਬ ਵਿੱਚ ਬੀਤੇ ਦਿਨ ਮੁੱਖ ਮੰਤਰੀ ਤੇ ਕਿਸਾਨਾਂ ਵਿਚਾਲੇ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਕਿਸਾਨਾਂ ਨੇ ਧਰਨੇ ਦਾ ਐਲਾਨ ਕੀਤਾ ਸੀ।ਜਿਸ ਤੋਂ ਬਾਅਦ ਕਈ ਕਿਸਾਨਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਸ ਦਰਮਿਆਨ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇਰ ਰਾਤ ਚਮਕੌਰ ਸਾਹਿਬ ਦੇ ਖਰੜ ਥਾਣੇ ਵਿੱਚ ਨਜ਼ਰਬੰਦ ਕਿਸਾਨਾਂ ਨੂੰ ਮਿਲਣ ਪਹੁੰਚੇ। ਜਿੱਥੇ ਉਨ੍ਹਾਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਉਨ੍ਹਾਂ ਥਾਣਾ ਇੰਚਾਰਜ ਨਾਲ ਫੋਨ ਉਤੇ ਗੱਲ ਵੀ ਕੀਤੀ।
ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਬਜਾਏ ਉਨ੍ਹਾਂ ‘ਤੇ ਜ਼ੁਲਮ ਕਰ ਰਹੇ ਹਨ। ਜਿਸ ਤਹਿਤ ਪੰਜਾਬ ਭਰ ਵਿੱਚ ਕਿਸਾਨ ਆਗੂਆਂ ਨੂੰ ਚੁੱਕ ਕੇ ਥਾਣਿਆਂ ਤੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਚਮਕੌਰ ਸਾਹਿਬ ਹਲਕੇ ਦੇ ਕਿਸਾਨ ਆਗੂਆਂ ਨੂੰ ਵੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਕਿਹਾ ਕਿ ਮੈਂ ਪੰਜਾਬ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਨਿਖੇਧੀ ਕਰਦਾ ਹਾਂ।
ਐਸਕੇਐਮ ਨੇ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਸਥਾਪਤ ਕਰਨ ਦਾ ਫੈਸਲਾ ਲਿਆ ਸੀ। ਸੰਯੁਕਤ ਕਿਸਾਨ ਮੋਰਚਾ (SKM) ਅੱਜ (5 ਮਾਰਚ) ਤੋਂ ਚੰਡੀਗੜ੍ਹ ਵਿੱਚ ਠੋਸ ਮੋਰਚਾ ਲਾਉਣ ਲਈ ਚੰਡੀਗੜ੍ਹ ਵੱਲ ਮਾਰਚ ਕਰੇਗਾ। ਇਸ ਦੇ ਲਈ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਚੰਡੀਗੜ੍ਹ ਵੱਲ ਕੂਚ ਕਰਨਗੇ। ਕਿਸਾਨ ਚੰਡੀਗੜ੍ਹ ਦੇ ਸੈਕਟਰ-34 ਵਿੱਚ ਮੋਰਚਾ ਲਗਾਉਣ ਦੀ ਤਿਆਰੀ ਕਰ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਤੋਂ ਮਨਜ਼ੂਰੀ ਨਹੀਂ ਮਿਲੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।