ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਸ਼ੁਰੂ ਹੋ ਗਈ ਹੈ। ਸਾਰੇ ਆਗੂਆਂ ਨੂੰ ਇਸ ਮੁਹਿੰਮ ਲਈ ਮੈਂਬਰਸ਼ਿਪ ਬੁੱਕਲੈੱਟ ਇਕੱਠੇ ਕਰਨ ਲਈ ਬੁਲਾਇਆ ਗਿਆ ਹੈ। ਇਸ ਮੁਹਿੰਮ ਲਈ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਮੁੱਖ ਚੋਣ ਅਧਿਕਾਰੀ ਬਣਾਇਆ ਗਿਆ ਹੈ। ਸੁਖਬੀਰ ਬਾਦਲ ਨੇ ਵੀ ਮੈਂਬਰਸ਼ਿਪ ਲੈ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਸ਼ਿਪ ਵਜੋਂ ਫਾਰਮ ਭਰਿਆ ਅਤੇ ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਸਥਿਤ ਦਫ਼ਤਰ ਵਿਖੇ ਪਾਰਟੀ ਦੇ ਆਦੇਸ਼ਾਂ ਮੁਤਾਬਕ ਸ਼ਾਮਿਲ ਹੋ ਕੇ ਉਨ੍ਹਾਂ ਨੇ ਆਪਣੀ ਮੈਂਬਰਸ਼ਿਪ ਪਰਚੀ ਭਰੀ ਹੈ।
ਮੈਂਬਰਸ਼ਿਪ ਮੁਹਿੰਮ ਰਾਹੀਂ ਪਾਰਟੀ ਨੂੰ ਮੁੜ ਸੰਗਠਿਤ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਾਰਟੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਦਾ ਸਮਾਂ ਵੀ ਬਦਲ ਦਿੱਤਾ ਹੈ। ਹੁਣ ਇਹ ਮੀਟਿੰਗ 21 ਦੀ ਬਜਾਏ 22 ਜਨਵਰੀ ਨੂੰ ਹੋਵੇਗੀ। ਇਨ੍ਹਾਂ ਮੀਟਿੰਗਾਂ ਦੇ ਨਾਲ ਹੀ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਵੀ ਇੱਕ ਵਾਰ ਫਿਰ ਤੋਂ ਪਾਰਟੀ ਵਿੱਚ ਸਰਗਰਮ ਹੋਣ ਜਾ ਰਹੇ ਹਨ।
ਸੁਖਬੀਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਪੂਰੀ ਕਰਨ ਤੋਂ ਬਾਅਦ ਹੀ ਪਾਰਟੀ ਮੀਟਿੰਗਾਂ ‘ਚ ਸ਼ਿਰਕਤ ਕਰਨਗੇ। ਸ਼੍ਰੋਮਣੀ ਅਕਾਲੀ ਦਲ ਲਈ ਇਹ ਮੀਟਿੰਗ ਅਹਿਮ ਹੈ, ਕਿਉਂਕਿ ਕਾਫੀ ਸਮੇਂ ਬਾਅਦ ਉਹ ਇਸ ਮੀਟਿੰਗ ਵਿੱਚ ਹਿੱਸਾ ਲੈ ਰਹੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੋਣ ਅਧਿਕਾਰੀਆਂ ਅੱਗੇ ਇਤਰਾਜ਼ ਦਾਖਲ ਕਰਨ ਦੀ ਆਖਰੀ ਮਿਤੀ 23 ਜਨਵਰੀ ਹੈ। ਇਸ ਲਈ ਪਾਰਟੀ ਨੇ ਆਪਣੇ ਸਮੂਹ ਆਗੂਆਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਰ-ਸਿੱਖਾਂ ਅਤੇ ਹੋਰ ਜਾਅਲੀ ਵੋਟਾਂ ਦੀ ਰਜਿਸਟ੍ਰੇਸ਼ਨ ਸਬੰਧੀ ਸਾਰੇ ਇਤਰਾਜ਼ ਸਮੇਂ ਸਿਰ ਸਬੰਧਤ ਰਿਟਰਨਿੰਗ ਅਫਸਰਾਂ ਕੋਲ ਲਿਖਤੀ ਰੂਪ ਵਿੱਚ ਦਰਜ ਕਰਵਾਉਣ।
ਉਨ੍ਹਾਂ ਕਿਹਾ ਕਿ ਪਾਰਟੀ 22 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਆਪਣੇ ਮੈਂਬਰਾਂ ਤੋਂ ਸਾਰੇ ਵੇਰਵੇ ਇਕੱਠੇ ਕਰੇਗੀ ਅਤੇ ਫਿਰ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਕੋਲ ਮਾਮਲਾ ਉਠਾਏਗੀ। ਮੈਂਬਰਸ਼ਿਪ ਮੁਹਿੰਮ ਨੂੰ ਲੈ ਕੇ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ ਅਤੇ ਇਹ ਪਹਿਲਾਂ ਤੋਂ ਨਿਰਧਾਰਿਤ ਸਮੇਂ ‘ਤੇ ਹੀ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।