ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਿੱਲੀ ਵਿੱਚ ਹੋਈ ਉੱਚ-ਪੱਧਰੀ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਰਾਜਨੀਤਿਕ ਗਲਿਆਰਿਆਂ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।ਮੀਟਿੰਗ ਦੇ ਤਿੰਨ ਦਿਨਾਂ ਬਾਅਦ, ਜਦੋਂ ਸੁਖਬੀਰ ਬਾਦਲ ਤੋਂ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੁਬਾਰਾ ਗੱਠਜੋੜ ਦੀ ਸੰਭਾਵਨਾ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ‘ਤੇ ਸਪੱਸ਼ਟ ਜਵਾਬ ਦੇਣ ਦੀ ਬਜਾਏ ਸਵਾਲ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਹਾਲਾਂਕਿ, ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਵੱਡੇ ਮੁੱਦਿਆਂ ‘ਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਨੂੰ ਮਿਲੇ ਸਨ ਅਤੇ ਕੇਂਦਰ ਨੂੰ ਪੰਜਾਬ ਨੂੰ ਬਚਾਉਣ ਦੇ ਤਰੀਕੇ ਲੱਭਣ ਦੀ ਅਪੀਲ ਕੀਤੀ ਸੀ।
ਸੁਖਬੀਰ ਬਾਦਲ ਨੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ, “ਪੰਜਾਬ ਦੇ ਕਈ ਵੱਡੇ ਮੁੱਦੇ ਹਨ। ਕਈ ਇਮਤਿਹਾਨੀ ਪੇਪਰ ਲੀਕ ਹੋ ਰਹੇ ਹਨ, ‘ਆਪ’ ਪੰਜਾਬ ਨੂੰ ਲੁੱਟ ਰਹੀ ਹੈ ਅਤੇ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਮਾੜੀ ਹੋ ਗਈ ਹੈ। ਮੈਂ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਨ ਗਿਆ ਸੀ ਕਿ ਕਿਸੇ ਤਰ੍ਹਾਂ ਪੰਜਾਬ ਨੂੰ ਬਚਾਇਆ ਜਾਵੇ।
ਸ਼੍ਰੋਮਣੀ ਅਕਾਲੀ ਦਲ ਨੇ ਇੱਕ ਨਿਰਪੱਖ ਅਤੇ ਬਰਾਬਰ ਹੱਦਬੰਦੀ (Delimitation) ਪ੍ਰਕਿਰਿਆ ਦੀ ਮੰਗ ਕੀਤੀ ਹੈ, ਤਾਂ ਜੋ ਸਾਰੇ ਰਾਜਾਂ ਨੂੰ ਇੱਕਸਾਰ ਅਤੇ ਬਰਾਬਰ ਪ੍ਰਤੀਨਿਧਤਾ ਮਿਲ ਸਕੇ। ਉਨ੍ਹਾਂ ਕਿਹਾ, “ਸ਼੍ਰੋਮਣੀ ਅਕਾਲੀ ਦਲ ਨੇ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕੀਤਾ ਹੈ ਅਤੇ ਸਦਨ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਰੇ ਰਾਜਾਂ ਲਈ ਸੀਟਾਂ ਦੀ ਗਿਣਤੀ ਵਿੱਚ ਬਰਾਬਰ 50 ਫ਼ੀਸਦ ਦਾ ਵਾਧਾ ਕੀਤਾ ਜਾਵੇ।”
ਪਾਰਟੀ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਦੀ ਪ੍ਰਕਿਰਿਆ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਲਾਗੂ ਕੀਤਾ ਜਾਣਾ ਚਾਹੀਦੀ ਹੈ। ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਰਾਜਨੀਤਿਕ ਹਲਕਿਆਂ ਵਿੱਚ ਇਹ ਅਟਕਲਾਂ ਤੇਜ਼ ਹਨ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਪੀਐੱਮ ਮੋਦੀ ਨਾਲ ਇਹ ਮੁਲਾਕਾਤ ਦੋਵਾਂ ਪੁਰਾਣੇ ਸਹਿਯੋਗੀਆਂ ਨੂੰ ਮੁੜ ਇੱਕ ਮੰਚ ‘ਤੇ ਲਿਆਉਣ ਦਾ ਰਾਹ ਪੱਧਰਾ ਕਰ ਸਕਦੀ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ (ਜਿਨ੍ਹਾਂ ਨੂੰ 2021 ਵਿੱਚ ਰੱਦ ਕਰ ਦਿੱਤਾ ਗਿਆ ਸੀ) ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ 2020 ਵਿੱਚ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐੱਨ.ਡੀ.ਏ.) ਨਾਲੋਂ ਆਪਣੇ ਦਹਾਕਿਆਂ ਪੁਰਾਣੇ ਸਬੰਧ ਤੋੜ ਲਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

