ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਛੇਵੇਂ ਪਾਤਸ਼ਾਹ ਦਾ ਮੀਰੀ ਪੀਰੀ ਦਿਵਸ

TeamGlobalPunjab
2 Min Read

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਪਾਵਨ ਹੁਕਮਨਾਮੇ ਮਗਰੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੀਰੀ ਪੀਰੀ ਦਿਹਾੜੇ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ ਖ਼ਾਸ ਹੈ, ਕਿਉਂਕਿ ਇਸ ਦਿਨ ਤਖ਼ਤ ’ਤੇ ਬਿਰਾਜਮਾਨ ਹੋ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਕੌਮ ਨੂੰ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ।

- Advertisement -

Share this Article
Leave a comment