‘ਮਿਸ਼ਨ ਫ਼ਤਿਹ-2’ ਅਧੀਨ ‘ਕੋਰੋਨਾ ਮੁਕਤ ਪਿੰਡ’ ਮੁਹਿੰਮ ਦਾ ਆਗਾਜ਼
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੋਰੋਨਾ ਖਿਲਾਫ਼ ਵਿੱਢੀ ਮੁਹਿੰਮ ਦਾ ਅਗਲਾ ਪੜਾਅ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ ਹੁਣ ‘ਮਿਸ਼ਨ ਫ਼ਤਿਹ 2’ ਅਧੀਨ ‘ਕੋਰੋਨਾ ਮੁਕਤ ਪਿੰਡ’ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਅਧੀਨ ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ‘ਤੇ ਸੈਪਲਿੰਗ/ਟੈਸਟਿੰਗ ਦਾ ਟੀਚਾ ਰੱਖਿਆ ਗਿਆ ਹੈ।
ਇਸ ਬਾਰੇ ਇੱਕ ਪ੍ਰੈੱਸ ਰਿਲੀਜ਼ ਰਾਹੀਂ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਇਹ ਦੇਖਿਆ ਗਿਆ ਹੈ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਪਾਜ਼ੇਟਿਵੀ ਰੇਟ ਪਿਛਲੇ ਦੋ ਹਫ਼ਤਿਆਂ ਤੋਂ ਤੇਜ਼ ਰਫ਼ਤਾਰ ਨਾਲ ਵੱਧ ਰਹੀ ਹੈ ਜੋ ਕਿ ਬਹੁਤ ਚਿੰਤਾਜਨਕ ਹੈ। ਉਹਨਾਂ ਕਿਹਾ ਕਿ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਅਤੇ ਮਿਸ਼ਨ ਫ਼ਤਿਹ-2 ਦੇ ਟੀਚੇ ਨੂੰ ਹਾਸਲ ਕਰਨ ਲਈ ਸਬੰਧਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਜ਼ਿਲ੍ਹੇ ਦਾ ਨੋਡਲ ਅਧਿਕਾਰੀ ਨਾਮਜ਼ਦ ਕੀਤਾ ਗਿਆ ਹੈ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਦਿਹਾਤੀ ਇਲਾਕਿਆਂ ਵਿੱਚ ਹਰ ਵਿਅਕਤੀ ਦੇੇ ਰੈਪਿਡ ਐਟੀਂਜਨ ਟੈਸਟ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਕਮਿਊਨਿਟੀ ਹੈਲਥ
ਉਹਨਾਂ ਕਿਹਾ ਕਿ ਕੋਰੋਨਾ ਵਾਈਰਸ ਦੀ ਲੜੀ ਨੂੰ ਤੋੜਨ ਲਈ ਇਹ ਸਰਵੇਖਣ ਅਗਲੇ 15 ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ। ਸਿੱਧੂ ਨੇ ਕਿਹਾ ਕਿ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਟੀਮ ਮੈਂਬਰਾਂ ਦੇ ਸਹਿਯੋਗ ਨਾਲ ਘਰੇਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਕਰਨਾ ਯਕੀਨੀ ਕਰਨ। ਸਿਹਤ ਵਿਭਾਗ ਵੱਲੋਂ ਇਹਨਾਂ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਹਨਾਂ ਅੱਗੇ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਹਰ ਪਿੰਡ ਵਿੱਚ ਬੁਖਾਰ/ਸਾਹ ਸਬੰਧੀ ਗੰਭੀਰ ਇੰਫੈਕਸ਼ਨ ਤੋਂ ਪੀੜਤ ਮਰੀਜ਼ਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਸ਼ੱਕੀ ਮਰੀਜ਼ਾਂ ਦੀ ਜਾਣਕਾਰੀ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕੀਤੀ ਜਾਵੇਗੀ।
ਸਿੱਧੂ ਨੇ ਕਿਹਾ ਕਿ ਬਲਾਕ ਪੱਧਰ ‘ਤੇ ਐਸਡੀਐਮ/ਐਸਐਮਓ ਅਤੇ ਬੀਡੀਪੀਓ ਦੇ ਨਾਲ 3 ਮੈਂਬਰੀ ਕਮੇਟੀ ਗਠਨ ਕਰਨਗੇ ਅਤੇ ਇਸ ਕਮੇਟੀ ਵੱਲੋਂ ਪਿੰਡਾਂ ਵਿੱਚ ਕੋਰੋਨਾ ਸੈਪਲਿੰਗ ਕਰਨ ਲਈ ਟੀਮਾਂ ਬਣਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹਨਾਂ ਟੀਮਾਂ ਵਿੱਚ ਪੇਂਡੂ ਵਿਕਾਸ ਵਿਭਾਗ ਦੇ ਕਰਮਚਾਰੀ, ਆਂਗਣਵਾੜੀ ਵਰਕਰ, ਸਕੂਲ ਅਧਿਆਪਕ ਅਤੇ ਸਵੈ-ਇਛੁੱਕ ਨੌਜਵਾਨ ਸ਼ਾਮਲ ਹੋਣਗੇ।
ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿਖੇ ਟੀਕਾਕਰਨ ਸਬੰਧੀ ਅਫਵਾਹਾਂ / ਗਲਤ ਜਾਣਕਾਰੀ ਬਾਰੇ ਜਾਗਰੂਕ ਕਰੇਗਾ ਅਤੇ ਟੀਕਾਕਰਨ ਤੋਂ ਝਿਜਕ ਨੂੰ ਘਟਾਉਣ ਲਈ ਬਲਾਕ ਦੇ ਸਾਰੇ ਪਿੰਡਾਂ ਦਾ ਦੌਰਾ ਕਰੇਗਾ। ਉਹਨਾਂ ਅੱਗੇ ਕਿਹਾ ਕਿ ਇਹ ਪੇਂਡੂ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਕੋਵਿਡ ਰੋਕਥਾਮ ਉਪਾਵਾਂ ਅਤੇ ਕੋਵਿਡ ਦਿਸ਼ਾ ਨਿਰਦੇਸ਼ਾਂ ਬਾਰੇ ਜਾਗਰੂਕ ਕਰੇਗਾ।
ਇਸ ਮਿਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਬਲਵੀਰ ਸਿੱਧੂ ਨੇ ਦੱਸਿਆ ਕਿ ਆਸ਼ਾ ਵਰਕਰ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਵਰਗੇ ਕੋਵਿਡ ਲੱਛਣਾਂ ਦੀ ਜਾਂਚ ਕਰਨ ਲਈ ਹਰ ਪਿੰਡ ਵਿੱਚ ਘਰ-ਘਰ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਰਵੇਖਣ ਲਈ ਸਾਰੀਆਂ ਆਸ਼ਾ ਵਰਕਰਾਂ ਨੂੰ ਪਲਸ ਆਕਸੀਮੀਟਰ ਮੁਹੱਈਆ ਕਰਵਾਏ ਜਾਣਗੇ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਪ੍ਰਾਇਮਰੀ ਸਿਹਤ ਕੇਂਦਰਾਂ(ਪੀ.ਐੱਚ.ਸੀ.),ਸਿਹਤ ਤੰਦਰੁਸਤੀ ਕੇਂਦਰ (ਐਚ.ਡਬਲਯੂ.ਸੀ.) ਅਤੇ ਉਪ-ਕੇਂਦਰਾਂ ਨੂੰ ਰੈਪਿਡ ਐਂਟੀਜੇਨ ਕਿੱਟਸ, ਮਿਸ਼ਨ ਫ਼ਤਿਹ ਕਿੱਟਾਂ, ਪੀਪੀਈ ਕਿੱਟਾਂ, ਪਲਸ ਆਕਸੀਮੀਟਰਜ਼, ਡਿਜੀਟਲ ਥਰਮਾਮੀਟਰਜ਼, ਸੈਨੀਟਾਈਜ਼ਰਜ਼, ਮਾਸਕ ਅਤੇ ਹੋਰ ਲੋੜੀਂਦੇ ਉਪਕਰਣ ਮੁਹੱਈਆ ਕਰਵਾਏ ਜਾਣਗੇ।
ਉਨ੍ਹਾਂ ਪੇਂਡੂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਤੋਂ ਕੋਰੋਨਾ ਦੇ ਖਾਤਮੇ ਲਈ ਆਸ਼ਾ ਵਰਕਰਾਂ ਅਤੇ ਹੋਰ ਮੈਡੀਕਲ ਸਟਾਫ਼ ਦਾ ਸਹਿਯੋਗ ਕਰਨ।