ਨਵੀਂ ਦਿੱਲੀ: ਮੋਦੀ ਕੈਬਨਿਟ ਨੇ ਰੇਲਵੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਵੱਡਾ ਤੌਹਫਾ ਦਿੱਤਾ ਹੈ । ਕੇਂਦਰ ਸਰਕਾਰ ਨੇ ਮੁਲਾਜ਼ਮਾਂ ਦੇ ਲਈ ਇਸ ਵਾਰ 75 ਦੀ ਥਾਂ 78 ਦਿਨਾਂ ਦਾ ਬੋਨਸ ਮਨਜ਼ੂਰ ਕਰ ਲਿਆ ਹੈ । ਇਸ ‘ਤੇ ਕੇਂਦਰ ਸਰਕਾਰ 2029 ਕਰੋੜ ਖਰਚ ਕਰੇਗੀ,ਰੇਲਵੇ ਦੇ ਤਕਰੀਬਨ 11 ਲੱਖ ਮੁਲਜ਼ਮਾਂ ਨੂੰ ਫਾਇਦਾ ਮਿਲੇਗਾ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਲੈਕੇ ਵੀ ਵੱਡਾ ਐਲਾਨ ਕੀਤਾ ਗਿਆ ਹੈ । ਕੈਬਨਿਟ ਨੇ ਕ੍ਰਿਸ਼ੀ ਉੱਨਤੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤੋਂ ਇਲਾਵਾ ਕਿਸਾਨਾਂ ਨਾਲ ਸਬੰਧਤ ਕਈ ਯੋਜਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚੇਨਈ ਮੈਟਰੋ ਫੇਜ਼-2 ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਸਭ ਤੋਂ ਵੱਡਾ ਫੈਸਲਾ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਮੱਧ ਵਰਗ ਦੇ ਲੋਕਾਂ ਨੂੰ ਭੋਜਨ ਸੁਰੱਖਿਆ ਯਕੀਨੀ ਬਣਾਉਣ ਨਾਲ ਸਬੰਧਤ ਹੈ। ਇਸ ਦੇ ਦੋ ਥੰਮ ਹਨ – ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਤੇ ਕ੍ਰਿਸ਼ੀ ਉਨੱਤੀ ਯੋਜਨਾ ਇਨ੍ਹਾਂ ਦੋਵਾਂ ਯੋਜਨਾਵਾਂ ਲਈ 1,01,321 ਕਰੋੜ ਰੁਪਏ ਦਾ ਬਜਟ ਨਿਰਧਾਰਿਤ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਅਧੀਨ 9-9 ਸਕੀਮਾਂ ਸ਼ਾਮਲ ਕੀਤੀਆਂ ਗਈਆਂ ਹਨ।
ਕੈਬਨਿਟ ਨੇ ਨਾਲ ਹੀ ਰੇਲਵੇ ਕਰਮਚਾਰੀਆਂ ਨੂੰ ਬੋਨਸ ਤੋਹਫਾ ਦੇਣ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਰੇਲਵੇ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਨੂੰ ਮਾਨਤਾ ਦਿੰਦੇ ਹੋਏ ਮੰਤਰੀ ਮੰਡਲ ਨੇ 11,72,240 ਰੇਲਵੇ ਕਰਮਚਾਰੀਆਂ ਨੂੰ 2028.57 ਕਰੋੜ ਰੁਪਏ ਦੇ 78 ਦਿਨਾਂ ਦੇ ਬੋਨਸ ਦੇ ਭੁਗਤਾਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਰਾਸ਼ੀ ਰੇਲਵੇ ਕਰਮਚਾਰੀਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਜਿਵੇਂ ਕਿ ਟਰੈਕ ਮੇਨਟੇਨਰ, ਲੋਕੋ ਪਾਇਲਟ, ਟ੍ਰੇਨ ਮੈਨੇਜਰ (ਗਾਰਡ), ਸਟੇਸ਼ਨ ਮਾਸਟਰ, ਸੁਪਰਵਾਈਜ਼ਰ, ਟੈਕਨੀਸ਼ੀਅਨ, ਟੈਕਨੀਸ਼ੀਅਨ ਹੈਲਪਰ, ਪੁਆਇੰਟਸਮੈਨ, ਮਨਿਸਟਰੀਅਲ ਸਟਾਫ ਅਤੇ ਹੋਰ ਸਮੂਹ ਐਕਸੀਅਨ ਕਰਮਚਾਰੀਆਂ ਨੂੰ ਦਿੱਤੀ ਜਾਵੇਗੀ।