ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਸਰਹੱਦੀ ਇਲਾਕਿਆਂ ਵਿੱਚ ਪਾਕਿਸਤਾਨੀ ਗੋਲੀਬਾਰੀ ਨਾਲ ਨੁਕਸਾਨੇ ਗਏ ਘਰਾਂ ਲਈ 25 ਕਰੋੜ ਰੁਪਏ ਦੀ ਵਾਧੂ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਐਲਾਨ ਤੋਂ ਬਾਅਦ ਲਿਆ ਗਿਆ ਕਿ ਪਾਕਿਸਤਾਨੀ ਗੋਲੀਬਾਰੀ ਨਾਲ ਪੂਰੀ ਤਰ੍ਹਾਂ ਨੁਕਸਾਨੇ ਗਏ ਘਰਾਂ ਲਈ 2 ਲੱਖ ਰੁਪਏ ਅਤੇ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਘਰਾਂ ਲਈ 1 ਲੱਖ ਰੁਪਏ ਦਾ ਵਾਧੂ ਮੁਆਵਜ਼ਾ ਦਿੱਤਾ ਜਾਵੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤੁਰੰਤ ਗ੍ਰਹਿ ਮੰਤਰਾਲੇ ਤੋਂ 25 ਕਰੋੜ ਰੁਪਏ ਦਾ ਵਾਧੂ ਪ੍ਰਬੰਧ ਕੀਤਾ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਰਾਹਤ ਮਿਲ ਸਕੇ। ਇਹ ਸਹਾਇਤਾ ਰਾਸ਼ੀ ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ ਵਿੱਚ 2,060 ਘਰਾਂ ਲਈ ਵਰਤੀ ਜਾਵੇਗੀ, ਜੋ ਪਾਕਿਸਤਾਨ ਦੀ ਗੋਲੀਬਾਰੀ ਨਾਲ ਪੂਰੀ ਤਰ੍ਹਾਂ ਜਾਂ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਸਨ।
ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਗੋਲੀਬਾਰੀ ਤੋਂ ਪ੍ਰਭਾਵਿਤ ਲੋਕਾਂ ਨੂੰ ਵੀ ਓਨੀ ਹੀ ਰਾਹਤ ਦਿੱਤੀ ਜਾਵੇਗੀ। ਇਹ ਕਦਮ ਦੋਵਾਂ ਰਾਜਾਂ ਵਿੱਚ ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ਕਾਰਨ ਹੋਏ ਨੁਕਸਾਨ ਨੂੰ ਦੇਖਦੇ ਹੋਏ ਚੁੱਕਿਆ ਗਿਆ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 29-30 ਮਈ ਨੂੰ ਜੰਮੂ-ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁੰਛ ਦਾ ਦੌਰਾ ਕੀਤਾ। ਇਸ ਦੌਰਾਨ, ਉਹ ਪਾਕਿਸਤਾਨ ਦੀ ਗੋਲੀਬਾਰੀ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮਿਲੇ ਅਤੇ ਉਨ੍ਹਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਵੀ ਸੌਂਪੇ ਸਨ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਜੰਮੂ ਅਤੇ ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ, ਸਿਰਫ਼ ਰਿਹਾਇਸ਼ੀ ਖੇਤਰ ਹੀ ਪ੍ਰਭਾਵਿਤ ਨਹੀਂ ਹੋਏ, ਸਗੋਂ ਸਕੂਲਾਂ, ਧਾਰਮਿਕ ਸਥਾਨਾਂ (ਗੁਰੂਦੁਆਰੇ, ਮੰਦਰ, ਮਸਜਿਦਾਂ) ਅਤੇ ਵਪਾਰਕ ਜਾਇਦਾਦਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ, ਜਿਸ ਨਾਲ ਸੈਂਕੜੇ ਪਰਿਵਾਰ ਪ੍ਰਭਾਵਿਤ ਹੋਏ ਹਨ।
ਪ੍ਰਸ਼ਾਸਨ ਨੇ ਸੰਭਾਵੀ ਘਟਨਾਵਾਂ ਦਾ ਅੰਦਾਜ਼ਾ ਲਗਾਉਣ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਣ ਲਈ ਸਰਗਰਮ ਕਦਮ ਚੁੱਕੇ ਹਨ। ਸਰਹੱਦੀ ਜ਼ਿਲ੍ਹਿਆਂ ਤੋਂ ਕੁੱਲ 3.25 ਲੱਖ ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ ਵਿੱਚੋਂ ਲਗਭਗ 15,000 ਲੋਕਾਂ ਨੂੰ ਭੋਜਨ, ਪਾਣੀ, ਸਿਹਤ ਸੰਭਾਲ, ਬਿਜਲੀ ਆਦਿ ਸਹੂਲਤਾਂ ਨਾਲ ਲੈਸ ਲਗਭਗ 397 ਆਸਰਾ ਘਰਾਂ/ਰਿਹਾਇਸ਼ ਕੇਂਦਰਾਂ ਵਿੱਚ ਰੱਖਿਆ ਗਿਆ। ਮਰੀਜ਼ਾਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਪਹੁੰਚਾਉਣ ਲਈ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ ਕੁੱਲ 394 ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 62 ਐਂਬੂਲੈਂਸਾਂ ਇਕੱਲੇ ਪੁੰਛ ਜ਼ਿਲ੍ਹੇ ਵਿੱਚ ਤਾਇਨਾਤ ਕੀਤੀਆਂ ਗਈਆਂ ਸਨ।