ਨਿਊਜ਼ ਡੈਸਕ : ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਨੀਵਾਂ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਮਿਲੀ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਰੋਜ਼ੀ ਰੋਟੀ ਦੀ ਭਾਲ ‘ਚ ਕੈਨੇਡਾ ਗਿਆ ਸੀ ਅਤੇ ਉੱਥੇ ਟੈਕਸੀ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਉਹ ਆਪਣੀ ਟੈਕਸੀ ‘ਤੇ ਡਿਊਟੀ ਕਰ ਰਿਹਾ ਸੀ। ਇਸੇ ਦੌਰਾਨ ਇੱਕ ਔਰਤ ਉਸਦੀ ਟੈਕਸੀ ਵਿੱਚ ਆ ਕੇ ਬੈਠ ਗਈ। ਜਾਣਕਾਰੀ ਮੁਤਾਬਕ, ਉਕਤ ਔਰਤ ਨੂੰ ਪਹਿਲਾਂ ਕੁਝ ਲੋਕਾਂ ਨੇ ਅਗਵਾ ਕਰ ਰੱਖਿਆ ਸੀ ਅਤੇ ਉਹ ਉਨ੍ਹਾਂ ਦੇ ਚੁੰਗਲ ਵਿੱਚੋਂ ਭੱਜ ਕੇ ਟੈਕਸੀ ਵਿੱਚ ਆ ਬੈਠੀ ਸੀ। ਕੁਝ ਹੀ ਦੇਰ ਬਾਅਦ ਔਰਤ ਦਾ ਪਿੱਛਾ ਕਰ ਰਹੇ ਹਥਿਆਰਬੰਦ ਲੋਕ ਉੱਥੇ ਪਹੁੰਚ ਗਏ। ਉਨ੍ਹਾਂ ਨੇ ਟੈਕਸੀ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਟੈਕਸੀ ਚਾਲਕ ਦਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਕੈਨੇਡਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਦੂਜੇ ਪਾਸੇ, ਦਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਸਦੇ ਜੱਦੀ ਪਿੰਡ ਦੌਲਤਪੁਰਾ ਨੀਵਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਅਨੁਸਾਰ, ਦਵਿੰਦਰ ਸਿੰਘ ਕਾਫ਼ੀ ਸਮੇਂ ਤੋਂ ਵਿਦੇਸ਼ ਵਿੱਚ ਰਹਿ ਕੇ ਮਿਹਨਤ ਕਰ ਰਿਹਾ ਸੀ ਅਤੇ ਆਪਣੇ ਪਰਿਵਾਰ ਦਾ ਸਹਾਰਾ ਸੀ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

