ਐਸ.ਏ.ਐਸ.ਨਗਰ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇਇੰਦਰ ਸਿੰਗਲਾ ਆਨੰਦਪੁਰ ਲੋਕ ਸਭਾ ਹਲਕੇ ਤੋਂ ਭਾਰੀ ਬਹੁਮੱਤ ਨਾਲ ਜਿੱਤਣਗੇ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੀ ਸਮੁੱਚੀ ਕਾਂਗਰਸ ਪੂਰੀ ਤਰਾਂ ਇਕਜੁੱਟ ਹੋ ਕੇ ਚੋਣ ਮੈਦਾਨ ਵਿਚ ਕੁੱਦ ਪਈ ਹੈ ਜੋ ਪਾਰਟੀ ਉਮੀਦਵਾਰ ਦੀ ਜਿੱਤ ਲਈ ਕੋਈ ਕਸਰ ਨਹੀਂ ਰਹਿਣ ਦੇਵੇਗੀ।
ਸ਼੍ਰੀ ਸਿੱਧੂ ਵਲੋਂ ਅੱਜ ਇੱਥੇ ਚੋਣ ਪ੍ਰਚਾਰ ਨੂੰ ਹੋਰ ਤਿੱਖਾ ਤੇ ਅਸਰਦਾਰ ਬਣਾਉਣ ਲਈ ਮੋਹਾਲੀ ਸ਼ਹਿਰ ਦੇ ਪ੍ਰਮੁੱਖ ਕਾਂਗਰਸੀ ਆਗੂਆਂ ਦੀ ਸੱਦੀ ਗਈ ਮੀਟਿੰਗ ਵਿਚ ਮੋਹਾਲੀ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ 36 ਕੌਂਸਲਰਾਂ ਨੇ ਹਿੱਸਾ ਲਿਆ। ਉਨ੍ਹਾਂ ਦਸਿਆ ਕਿ ਮੀਟਿੰਗ ਵਿਚ ਸ਼ਹਿਰ ਦੇ ਸਮੂਹ ਕੌਂਸਲਰਾਂ ਨੇ ਪਾਰਟੀ ਉਮੀਦਵਾਰ ਵਿਜੇਇੰਦਰ ਸਿੰਗਲਾ ਨੂੰ ਜਿਤਾ ਨੂੰ ਵੱਡੇ ਫਰਕ ਨਾਲ ਜਿਤਾ ਕੇ ਲੋਕ ਸਭਾ ਵਿਚ ਭੇਜਣ ਲਈ ਪੂਰੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਸ਼੍ਰੀ ਸਿੱਧੂ ਨੇ ਮੀਟਿੰਗ ਵਿਚ ਕਿਹਾ ਕਿ ਸ਼੍ਰੀ ਵਿਜੇਇੰਦਰ ਸਿੰਗਲਾ ਦੇ ਲੋਕ ਸਭਾ ਵਿਚ ਜਾਣ ਨਾਲ ਮੋਹਾਲੀ ਸ਼ਹਿਰ ਦੇ ਵਿਕਾਸ ਦੇ ਨਵੇਂ ਦਰ ਖੁੱਲਣਗੇ, ਇਸ ਲਈ ਸਾਨੂੰ ਸਾਰਿਆਂ ਨੂੰ ਉਹਨਾਂ ਨੂੰ ਜਿਤਾਉਣ ਲਈ ਲੱਕ ਬੰਨ ਕੇ ਜੁੱਟ ਜਾਣਾ ਚਾਹੀਦਾ ਹੈ।
ਸਾਬਕਾ ਮੰਤਰੀ ਨੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਹਨਾਂ ਚੋਣਾਂ ਦੌਰਾਨ ਬੇਰੁਜ਼ਗਾਰੀ ਤੇ ਮਹਿੰਗਾਈ ਉਤੇ ਕਾਬੂ ਪਾਉਣ ਦੇ ਨਾਲ ਨਾਲ ਨੌਜਵਾਨਾਂ, ਔਰਤਾਂ, ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਗਰੀਬ ਵਰਗਾਂ ਨੂੰ ਉੱਚਾ ਚੁੱਕਣ ਲਈ ਪੰਚ ਨਿਆਂ ਜਾਂ ਪੰਜ ਗਾਰੰਟੀਆਂ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹ ਚੋਣਾਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਲੜ ਰਹੀ ਹੈ। ਕਾਂਗਰਸ ਪਾਰਟੀ ਦੇ 48 ਪੰਨਿਆਂ ਦੇ ਚੋਣ ਮੈਨੀਫੈਸਟੋ ਵਿਚ ਸਰਕਾਰੀ ਨੌਕਰੀਆਂ, ਜਾਤੀ ਜਨਗਣਨਾ, ਗਰੀਬਾਂ ਲਈ ਸਮਾਜਿਕ ਸੁਰੱਖਿਆ ਅਤੇ ਗਰੀਬ ਔਰਤਾਂ ਨੂੰ ਹਰ ਸਾਲ 1 ਲੱਖ ਰੁਪਏ ਦੇਣ ਦੀ ਗਾਰੰਟੀ ਦਿਤੀ ਗਈ ਹੈ ਜਿਸ ਨਾਲ ਕਾਂਗਰਸ ਦਾ ਜਨ ਅਧਾਰ ਵਧਿਆ ਹੈ।
ਸ਼੍ਰੀ ਸਿੱਧੂ ਨੇ ਕਿਹਾ ਕਿ ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਵਿਚ ਕਿਸਾਨੀ ਸੰਕਟ ਦੇ ਹੱਲ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਰੂਪ ਦੇਣ ਦਾ ਵਾਅਦਾ ਵੀ ਕੀਤਾ ਗਿਆ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਲੋਕ ਸਭਾ ਦੇ ਜਿਹੜੇ ਹਲਕਿਆਂ ਵਿਚ ਹੁਣ ਤੱਕ ਚੋਣ ਹੋ ਚੁੱਕੀ ਹੈ ਉਹਨਾਂ ਨੇ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣਨ ਦਾ ਦਾ ਰਾਹ ਸਾਫ਼ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਭਾਜਪਾ ਵਾਂਗ ‘ਆਪ’ ਪਾਰਟੀ ਵੀ ਪੰਜਾਬ ਦੇ ਭਵਿੱਖ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕੋਲ ਪੰਜਾਬ ਦੀ ਤਰੱਕੀ ਲਈ ਕੋਈ ਸੋਚ ਜਾਂ ਨੀਤੀ ਨਹੀਂ ਹੈ ਅਤੇ ਨੀਤੀਹੀਣ ਪੰਜਾਬ ਵਿੱਤੀ ਐਮਰਜੈਂਸੀ ਵੱਲ ਧੱਕਿਆ ਜਾ ਰਿਹਾ ਹੈ।
ਸ਼੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿਚ ਵਿੱਚ ਬਦਲਾਅ ਦੀ ਤੀਬਰ ਇੱਛਾ ਉਹਨਾਂ ਦੀਆਂ ਅੱਖਾਂ ਤੇ ਬੋਲਾਂ ਵਿਚ ਸਪੱਸ਼ਟ ਝਲਕ ਰਹੀ ਹੈ। ਉਹ ਦੋਵੇਂ ਸਿਰਿਆਂ ਤੋਂ ਟੁੱਟੇ ਹੋਏ ਮਹਿਸੂਸ ਕਰ ਰਹੇ ਹਨ। ਉਨ੍ਹਾਂ ਮੋਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਲਕੇ ਦੇ ਵਿਕਾਸ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇਇੰਦਰ ਸਿੰਗਲਾ ਨੂੰ ਜਿਤਾਉਣ।