ਚੰਡੀਗੜ੍ਹ: ਚੰਡੀਗੜ੍ਹ ਅਤੇ ਪੰਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਸਰਗਰਮ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕਈ ਥਾਵਾਂ ‘ਤੇ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਦਾ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ। 12 ਅਗਸਤ ਤੱਕ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ।
ਮੀਂਹ ਕਾਰਨ ਚੰਡੀਗੜ੍ਹ ਦਾ ਤਾਪਮਾਨ ਡਿੱਗਿਆ
ਬਾਰਿਸ਼ ਦੇ ਪ੍ਰਭਾਵ ਕਾਰਨ ਚੰਡੀਗੜ੍ਹ ਦੇ ਤਾਪਮਾਨ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ। ਘੱਟੋ-ਘੱਟ ਤਾਪਮਾਨ 24.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.6 ਡਿਗਰੀ ਘੱਟ ਹੈ।
ਪਿਛਲੇ 24 ਘੰਟਿਆਂ ਵਿੱਚ ਚੰਡੀਗੜ੍ਹ ਮੌਸਮ ਕੇਂਦਰ ਵਿੱਚ 12.8 ਮਿਲੀਮੀਟਰ ਮੀਂਹ ਰਿਕਾਰਡ ਹੋਇਆ, ਜਦਕਿ ਏਅਰਪੋਰਟ ਇਲਾਕੇ ਵਿੱਚ 38.8 ਮਿਲੀਮੀਟਰ ਬਾਰਿਸ਼ ਹੋਈ। 1 ਜੂਨ ਤੋਂ ਹੁਣ ਤੱਕ ਸ਼ਹਿਰ ਵਿੱਚ ਕੁੱਲ 412.6 ਮਿਲੀਮੀਟਰ ਮੌਸਮੀ ਮੀਂਹ ਦਰਜ ਕੀਤਾ ਜਾ ਚੁੱਕਾ ਹੈ।
12 ਅਗਸਤ ਤੱਕ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ 8 ਤੋਂ 12 ਅਗਸਤ ਤੱਕ ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿ ਸਕਦੇ ਹਨ। ਇਸ ਦੌਰਾਨ ਕਈ ਥਾਵਾਂ ‘ਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਬਠਿੰਡਾ ਸਭ ਤੋਂ ਗਰਮ, ਲੁਧਿਆਣਾ ਸਭ ਤੋਂ ਠੰਢਾ
ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਵੱਡਾ ਬਦਲਾਅ ਨਹੀਂ ਹੋਇਆ, ਪਰ ਇਹ ਅਜੇ ਵੀ ਆਮ ਨਾਲੋਂ 1.9 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਬਠਿੰਡਾ ਏਅਰਪੋਰਟ ‘ਤੇ ਦਰਜ ਕੀਤਾ ਗਿਆ। ਦੂਜੇ ਪਾਸੇ, ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 23.8 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 3 ਡਿਗਰੀ ਘੱਟ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਪਿਆ। ਐਸਬੀਐਸ ਨਗਰ ਦੇ ਬੱਲੋਵਾਲ ਸੌਂਖੜੀ ਵਿੱਚ ਸਭ ਤੋਂ ਵੱਧ 18.4 ਮਿਲੀਮੀਟਰ ਬਾਰਿਸ਼ ਦਰਜ ਹੋਈ। ਹੋਸ਼ਿਆਰਪੁਰ ਵਿੱਚ 18, ਫਤਿਹਗੜ੍ਹ ਸਾਹਿਬ ਵਿੱਚ 12, ਲੁਧਿਆਣਾ ਵਿੱਚ 11.5, ਰੂਪਨਗਰ ਦੇ ਭਾਖੜਾ ਡੈਮ ਇਲਾਕੇ ਵਿੱਚ 6.5 ਅਤੇ ਬਰਨਾਲਾ ਵਿੱਚ 3 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਦੇ ਸੱਤ ਦਿਨਾਂ ਦੇ ਪੂਰਵ ਅਨੁਮਾਨ ਮੁਤਾਬਕ 13 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। ਹਾਲਾਂਕਿ, ਇਸ ਸਮੇਂ ਸੂਬੇ ਲਈ ਭਾਰੀ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਚੰਡੀਗੜ੍ਹ ਵਿੱਚ ਵੀ ਸ਼ਨੀਵਾਰ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ-ਚਮਕ ਹੋਣ ਦੀ ਸੰਭਾਵਨਾ ਹੈ।

