ਸਿਰਫ਼ 72 ਦਿਨਾਂ ’ਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਫੜੇ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

Global Team
2 Min Read

ਚੰਡੀਗੜ੍ਹ: ਸੂਬੇ ’ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 72 ਦਿਨ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤਕ 6280 ਐਫ਼ਆਈਆਰਜ਼ ਦਰਜ ਕੀਤੀਆਂ ਹਨ ਅਤੇ 10444 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਸੀ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਸੂਬੇ ਭਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ, ਨਾਈਟ ਡੋਮੀਨੇਸ਼ਨ ਅਤੇ ਡਰੱਗ ਹੌਟਸਪੌਟਸ ’ਤੇ ਛਾਪੇਮਾਰੀ ਸ਼ਾਮਲ ਹੈ।

ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੇ 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 117 ਕੁਇੰਟਲ ਭੁੱਕੀ, 8 ਕਿਲੋਗ੍ਰਾਮ ਚਰਸ, 135 ਕਿਲੋਗ੍ਰਾਮ ਗਾਂਜਾ, 2.5 ਕਿਲੋਗ੍ਰਾਮ ਆਈਸੀਈ, 1.2 ਕਿਲੋਗ੍ਰਾਮ ਕੋਕੀਨ, 23.57 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8.58 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

72ਵੇਂ ਦਿਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 133 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 2.2 ਕਿਲੋ ਹੈਰੋਇਨ, 54 ਕਿਲੋ ਭੁੱਕੀ, 73000 ਨਸ਼ੀਲੀਆਂ ਗੋਲੀਆਂ ਅਤੇ 13.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਦਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ’ਚ 495 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ’ਚ 89 ਐਫ਼ਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 503 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

Share This Article
Leave a Comment