ਚੰਡੀਗੜ੍ਹ: ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ ਕਰਦੇ ਹੋਏ ਅੱਜ ਪੰਜਾਬ ਸਰਕਾਰ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਗਵਰਨਰ ਦੇ ਨਿਰਦੇਸ਼ ਮਿਲਣ ਤੋਂ ਬਾਅਦ 13 ਫਰਵਰੀ 2021 ਤੱਕ ਮਿਊਂਸਪਲ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਇਸ ਨੋਟੀਫਿਕੇਸ਼ਨ ਮੁਤਾਬਕ ਇਸ ਰਾਜ ਦੀਆਂ 9 ਨਗਰ ਨਿਗਮਾਂ, 109 ਮਿਊਂਸਪਲ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਚੋਣਾਂ ਹੋਣੀਆਂ ਹਨ। ਪੰਜਾਬ ਰਾਜ ਦਾ ਚੋਣ ਕਮਿਸ਼ਨ ਪ੍ਰਕਿਰਿਆ ਪੂਰੀ ਕਰ ਕੇ ਚੋਣਾਂ ਦੀਆਂ ਤਾਰੀਖਾਂ ਐਲਾਨ ਕਰੇਗਾ।ਅੱਜ ਪੰਜਾਬ ਦੇ ਲੋਕਲ ਬਾਡੀਜ਼ ਵਿਭਾਗ ਦੇ ਸੈਕਟਰੀ ਅਜੋਏ ਕੁਮਾਰ ਸਿਨਹਾ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਮੁਤਾਬਕ ਅਬੋਹਰ, ਬਟਾਲਾ, ਕਪੂਰਥਲਾ, ਐੱਸ ਏ ਐੱਸ ਨਗਰ (ਮੁਹਾਲੀ), ਹੁਸ਼ਿਆਰਪੁਰ, ਪਠਾਨਕੋਟ, ਫਗਵਾੜਾ, ਮੋਗਾ ਅਤੇ ਬਠਿੰਡਾ ਵਿਚ ਆਮ ਚੋਣਾਂ ਹੋਣਗੀਆਂ। ਇਸ ਦੇ ਨਾਲ ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰਬਰ 37 ਵਿਚ ਉਪ ਚੋਣ ਕਰਵਾਈ ਜਾਣੀ ਹੈ।