ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ਼ ਸਿੰਘ ਬਾਦਲ ਦਾ ਨਰਕੋ ਟੈਸਟ ਜਰੂਰ ਕਰਾਇਆ ਜਾਵੇ। ਆਪ ਆਗੂਆਂ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨਵੀਂ ਜਾਂਚ ਕਮੇਟੀ ਰਾਹੀਂ ਬਾਦਲ ਪਰਿਵਾਰ ਨੂੰ ਬਚਾਉਣ ਲਈ ਨਾਟਕ ਕਰ ਰਹੀ ਹੈ, ਪੰਜਾਬ ਵਾਸੀਆਂ ਨੂੰ ਕੋਈ ਇਨਸਾਫ ਨਹੀਂ ਦੇ ਰਹੀ।
ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਤੋਂ ਤਲਬ ਕੀਤਾ ਹੈ, ਜਿਸ ਨੂੰ ਪਿਛਲੀ ਜਾਂਚ ਕਮੇਟੀ ਨੇ ਵੀ ਬੁਲਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਭ ਦੋਸ਼ੀਆਂ ਨੂੰ ਬਚਾਉਣ ਲਈ ਕੇਵਲ ਜਾਂਚ ਪ੍ਰਕਿਰਿਆ ਦੇ ਨਾਂਅ ‘ਤੇ ਕੈਪਟਨ ਸਰਕਾਰ ਦਾ ਨਾਟਕ ਹੈ। ਇਹ ਸਭ ਕਰਨ ਦੀ ਥਾਂ ਪ੍ਰਕਾਸ਼ ਸਿੰਘ ਬਾਦਲ ਦਾ ਨਰਕੋ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਜਾਂਚ ਪ੍ਰਕਿਰਿਆ ਪੂਰੀ ਤਰ੍ਹਾਂ ਨਾਲ ਹਮੇਸ਼ਾ ਦੇ ਲਈ ਖਤਮ ਹੋ ਜਾਵੇ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਨੂੰ ਲੈ ਕੇ ਰਾਜਨੀਤੀ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਜੇਲ ਭੇਜਿਆ ਜਾਵੇਗਾ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ, ਨਾ ਹੀ ਸਾਜਿਸ਼ਘਾੜਿਆਂ ਅਤੇ ਨਾ ਹੀ ਕਿਸੇ ਦੋਸ਼ੀ ਨੂੰ ਸਜਾ ਦਿੱਤੀ ਗਈ। ਆਪ ਆਗੂ ਨੇ ਕਿਹਾ ਕੇਵਲ ਇਕ ਚੀਜ ਜਿਹੜੀ ਕੀਤੀ ਗਈ ਹੈ ਉਹ ਕੇਵਲ ਜਾਂਚ ਕਮੇਟੀਆਂ ਹੀ ਬਣਾਈਆਂ ਗਈਆਂ ਹਨ।
ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵਿਚਕਾਰ ਮਿਲੀਭੁਗਤ ਹੋਣ ਦਾ ਦੋਸ਼ ਲਾਉਂਦਿਆਂ ਗਿਆਸਪੁਰਾ ਨੇ ਕਿਹਾ ਕਿ ਬਾਦਲ ਨਾਲ ਕੈਪਟਨ ਦਾ ਰਿਸ਼ਤਾ ਅੱਜ ਵੀ ਕਾਇਮ ਹੈ, ਜਿਸ ਨੂੰ ਆਮ ਜਨਤਾ ਜਾਣ ਚੁੱਕੀ ਹੈ ਕਿ ਅਕਾਲੀ ਕਾਂਗਰਸੀ ਮਿਲ ਕੇ ਬੇਅਦਬੀ ਦੇ ਇਨਸਾਫ ਦੇ ਰਾਹ ਵਿੱਚ ਅੜਿੱਕੇ ਪਾ ਰਹੇ ਹਨ। ਸੰਧਵਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਿਹਾ ਕਰਦੇ ਸਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਕੀੜੀ ਚਲਦੀ ਵੀ ਦਿਖਾਈ ਦਿੰਦੀ ਹੈ, ਪਰ ਵੋਟਾਂ ਲੈਣ ਲਈ ਬਾਦਲ ਨੇ ਬੇਅਦਬੀ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਬਚਾਇਆ। ਗੁਰੂ ਦੀ ਬੇਪਤੀ ਵਿਰੁੱਧ ਇਨਸਾਫ ਮੰਗ ਰਹੀ ਸਿੱਖ ਸੰਗਤ ‘ਤੇ ਗੋਲੀਆਂ ਚਲਵਾਈਆਂ। ਉਨ੍ਹਾਂ ਕਿਹਾ ਕਿ ਸੰਗਤ ‘ਤੇ ਪੁਲੀਸ ਦੀ ਗੋਲੀ ਚੱਲਣ ਲਈ ਸਿੱਧੇ ਤੌਰ ‘ਤੇ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਜੰਿਮੇਵਾਰ ਹਨ, ਪਰ ਪੰਜਾਬ ਪੁਲੀਸ ਨੂੰ ਅਣਪਛਾਤਾ ਕਹਿ ਕੇ ਬਾਦਲ ਤੇ ਕੈਪਟਨ ਸਿੱਖ ਸੰਗਤ ਦਾ ਮੂੰਹ ਚਿੜ੍ਹਾ ਰਹੇ ਹਨ। ਸੰਧਵਾਂ ਨੇ ਕਿਹਾ ਕਿ ਇਹ ਦੁਖਾਂਤ ਪੰਜਾਬ ਵਿੱਚ ਵਾਪਰਿਆ ਸੀ, ਜੋ ਪੰਜਾਬ ਦੇ ਮੱਥੇ ‘ਤੇ ਇੱਕ ਕਲੰਕ ਹੈ ਅਤੇ ਇਸ ਕਲੰਕ ਨੂੰ ਹਟਾ ਦੇਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਬੇਅਬਦੀ ਦੇ ਦੋਸ਼ੀਆਂ , ਸਾਜਿਸਘਾੜਿਆਂ ਅਤੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਰੂਰ ਜੇਲ੍ਹਾਂ ਵਿੱਚ ਸੁੱਟਿਆ ਜਾਵੇਗਾ।