ਨਰਿੰਦਰ ਮੋਦੀ ਬਿਆਨਬਾਜ਼ੀ ਛੱਡ ਕੇ ਕਿਸਾਨਾਂ ਨਾਲ ਸਿੱਧੀ ਗੱਲ ਕਰਨ: ਜਾਖੜ

TeamGlobalPunjab
2 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ): ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਆਨਬਾਜ਼ੀ ਛੱਡ ਕੇ ਕਿਸਾਨਾਂ ਨਾਲ ਸਿੰਘੂ ਬਾਰਡਰ ‘ਤੇ ਜਾ ਕੇ ਸਿੱਧੀ ਗੱਲਬਾਤ ਕਰਨ।

ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਇਹ ਮੰਨਦੀ ਹੈ ਕਿ ਤਿੰਨੇ ਖੇਤੀ ਕਾਨੂੰਨ ਵਿੱਚ ਉਹ ਤਰਮੀਮ ਕਰਨ ਨੂੰ ਤਿਆਰ ਹੈ। ਤਰਮੀਮ ਕਰਨ ਤੋਂ ਬਾਅਦ ਖੇਤੀ ਬਿਲਾਂ ਵਿੱਚ ਪਿੱਛੇ ਕੁਝ ਨਹੀਂ ਬਚਦਾ ਤਾਂ ਫਿਰ ਕਾਨੂੰਨਾਂ ਨੂੰ ਰੱਦ ਕਰਨ ਵਿਚ ਹਰਜ਼ ਕੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਸੁਪਰੀਮ ਕੋਰਟ ਰਾਹੀਂ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਬਜਾਏ ਉਹ ਫਰਾਖ਼ਦਿਲੀ ਨਾਲ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਮਸਲਾ ਹੱਲ ਕਰਨ।

ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਲੋਕ ਹੁਣ ਯਕੀਨ ਨਹੀਂ ਕਰਨਗੇ ਕਿਉਂਕਿ ਨਰਿੰਦਰ ਮੋਦੀ ਨੇ ਪਹਿਲਾਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਹੁਣ ਉਹ ਕਹਿ ਰਹੇ ਹਨ ਕਿ ਤਿੰਨੇ ਖੇਤੀ ਕਾਨੂੰਨ ਇਸ ਕਾਰਨ ਲਿਆਂਦੇ ਗਏ ਹਨ ਤਾਂ ਕਿ ਕਿਸਾਨਾਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਪੂਰੀ ਕੀਤੀ ਜਾ ਸਕੇ। ਜਾਖੜ ਨੇ ਸਪੱਸ਼ਟ ਕਿਹਾ ਕਿ ਇਹ ਤਿੰਨੇ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਹਨ ਪਰ ਪ੍ਰਚਾਰ ਕਿਸਾਨ ਪੱਖੀ ਹੋਣ ਦਾ ਕੀਤਾ ਜਾ ਰਿਹਾ ਹੈ। ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਤਿੰਨੇ ਕਾਨੂੰਨਾਂ ਖ਼ਿਲਾਫ਼ ਸਭ ਤੋਂ ਪਹਿਲਾਂ ਸੰਘਰਸ਼ ਕਾਂਗਰਸ ਨੇ ਸ਼ੁਰੂ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਤਾਂ ਕਾਨੂੰਨਾਂ ਖ਼ਿਲਾਫ਼ ਬਾਅਦ ਵਿੱਚ ਬੋਲਣ ਲੱਗਿਆ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਾਂ ਹੁਣ ਵੀ ਪ੍ਰਧਾਨ ਮੰਤਰੀ ਖ਼ਿਲਾਫ਼ ਖੁੱਲ੍ਹ ਕੇ ਨਹੀਂ ਬੋਲਦੇ।

ਜਾਖੜ ਨੇ ਕਿਹਾ ਕਿ ਸਾਡੇ ਬਜ਼ੁਰਗ, ਮਾਤਾਵਾਂ ਤੇ ਭੈਣਾ ਠੰਢ ਵਿੱਚ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ ਪਰ ਕੇਂਦਰ ਸਰਕਾਰ ਨੂੰ ਉਨ੍ਹਾਂ ਉੱਤੇ ਕੋਈ ਤਰਸ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਕਈ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਨੂੰ ਇੱਕ ਕਿਸਾਨ ਦੀ ਜਾਨ ਦੀ ਵੀ ਪਰਵਾਹ ਨਹੀਂ। ਉਨ੍ਹਾਂ ਕਿਹਾ ਕਿ ਪਹਿਲਾਂ ਪਬਲਿਕ ਸੈਕਟਰ ਦੇ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਦਿੱਤਾ ਗਿਆ ਅਤੇ ਹੁਣ ਕਿਸਾਨੀ ਦੀ ਦੁਸ਼ਮਣ ਕੇਂਦਰ ਸਰਕਾਰ ਬਣ ਗਈ ਹੈ।

- Advertisement -

Share this Article
Leave a comment