ਅੰਮ੍ਰਿਤਸਰ : ਜਿਸ ਦਿਨ ਤੋਂ ਪੰਜਾਬ ਅੰਦਰ ਲੋਕ ਸਭਾ ਚੋਣਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਵਾਪਸ ਲਿਆ ਗਿਆ ਹੈ ਉਸ ਦਿਨ ਤੋਂ ਹੀ ਸਿੱਧੂ ਸਿਆਸਤ ਵਿੱਚ ਦਿਖਾਈ ਨਹੀਂ ਦੇ ਰਹੇ। ਇੱਥੇ ਹੀ ਬੱਸ ਨਹੀਂ ਉਹ ਜੇਕਰ ਦੌਰੇ ‘ਤੇ ਜਾਂਦੇ ਵੀ ਹਨ ਤਾਂ ਮੀਡੀਆ ਤੋਂ ਦੂਰੀ ਬਣਾਈ ਰੱਖਦੇ ਹਨ। ਪਰ ਬੀਤੀ ਕੱਲ੍ਹ ਉਨ੍ਹਾਂ ਦੀ ਪਤਨੀ ਜਦੋਂ ਆਪਣੇ ਵਰਕਰਾਂ ਨਾਲ ਮੀਟਿੰਗ ਲਈ ਬਾਹਰ ਆਏ ਤਾਂ ਉਨ੍ਹਾਂ ਦਾ ਗੁੱਸਾ ਸੱਤਵੇਂ ਆਸਮਾਨ ‘ਤੇ ਦਿਖਾਈ ਦਿੱਤਾ ਸ਼ਾਇਦ ਇਸੇ ਲਈ ਹੀ ਉਹ ਕਾਂਗਰਸੀਆਂ ‘ਤੇ ਹੀ ਭੜਕ ਉਠੇ। ਇੱਥੇ ਹੀ ਬੱਸ ਨਹੀਂ ਉਨ੍ਹਾਂ ਕਾਂਗਰਸੀ ਆਗੂਆਂ ‘ਤੇ ਵੀ ਗੰਭੀਰ ਦੋਸ਼ ਲਾਏ।
ਦਰਅਸਲ ਡਾ. ਸਿੱਧੂ ਦਾ ਕਹਿਣਾ ਹੈ ਕਿ ਕਾਂਗਰਸ ਵਿੱਚ ਧੜ੍ਹੇਬਾਜ਼ੀ ਹੈ ਅਤੇ ਇੱਥੇ ਹੀ ਬੱਸ ਨਹੀਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਗੱਲਾਂ ਵਿੱਚ ਆ ਜਾਂਦੇ ਹਨ। ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਵਾਪਸ ਲਏ ਜਾਣ ‘ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਤੋਂ ਕੋਈ ਮਲਾਲ ਨਹੀਂ ਹੈ ਪਰ ਨਾਲ ਹੀ ਇਹ ਵੀ ਕਹਿ ਦਿੱਤਾ ਕਿ ਕੁਝ ਕਾਂਗਰਸੀ ਆਗੂਆਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਗਰੁੱਪ ਬਣਾਉਣ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਨੂੰ ਇਹ ਮਨਜੂਰ ਨਹੀਂ ਸੀ। ਡਾ. ਸਿੱਧੂ ਅਨੁਸਾਰ ਇਸੇ ਲਈ ਹੀ ਉਨ੍ਹਾਂ ਕਾਂਗਰਸੀਆਂ ਨੇ ਹੀ ਸਿੱਧੂ ਵਿਰੁੱਧ ਕੈਪਟਨ ਕੋਲ ਕੰਨ ਭਰਨੇ ਸ਼ੁਰੂ ਕਰ ਦਿੱਤੇ ਅਤੇ ਉਹ (ਕੈਪਟਨ) ਵੀ ਉਨ੍ਹਾਂ ਦੀਆਂ ਗੱਲਾਂ ਵਿੱਚ ਆ ਗਏ।
ਇੱਥੇ ਜਦੋਂ ਪੱਤਰਕਾਰਾਂ ਵੱਲੋਂ ਡਾ. ਸਿੱਧੂ ਨੂੰ ਨਵਜੋਤ ਸਿੰਘ ਸਿੱਧੂ ਦੇ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਕਰਨ ਲਈ ਨਾ ਜਾਣ ਸਬੰਧੀ ਸਵਾਲ ਕੀਤਾ ਗਿਆ ਤਾਂ ਉਹ ਇਸ ਤੋਂ ਬਚਦੇ ਦਿਖਾਈ ਦਿੱਤੇ। ਡਾ. ਸਿੱਧੂ ਅਨੁਸਾਰ ਇਸ ਦਾ ਜਵਾਬ ਸਿੱਧੂ ਹੀ ਦੇ ਸਕਦੇ ਹਨ।