ਨਵੀਂ ਦਿੱਲੀ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੀਰਵਾਰ ਸ਼ਾਮ ਨਵੀਂ ਦਿੱਲੀ ਸਥਿਤ ਕਾਂਗਰਸ ਮੁੱਖ ਦਫਤਰ ਪਹੁੰਚੇ। ਉਹਨਾਂ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਅਤੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੀਟਿੰਗ ਕੀਤੀ।
ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਥੋੜਾ ਬਦਲੇ-ਬਦਲੇ ਨਜ਼ਰ ਆਏ। ਸਿੱਧੂ ਦੇ ਸੁਰ ਵੀ ਨਰਮ ਪਏ ਪ੍ਰਤੀਤ ਹੋ ਰਹੇ ਸਨ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ, “ਮੈਂ ਪਾਰਟੀ ਹਾਈ ਕਮਾਂਡ ਨੂੰ ਪੰਜਾਬ ਅਤੇ ਪੰਜਾਬ ਕਾਂਗਰਸ ਬਾਰੇ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਮੈਨੂੰ ਕਾਂਗਰਸ ਪ੍ਰਧਾਨ, ਪ੍ਰਿਯੰਕਾ ਜੀ ਅਤੇ ਰਾਹੁਲ ਜੀ ‘ਤੇ ਪੂਰਾ ਵਿਸ਼ਵਾਸ ਹੈ। ਉਹ ਜੋ ਵੀ ਫੈਸਲਾ ਲੈਣਗੇ, ਉਹ ਕਾਂਗਰਸ ਅਤੇ ਪੰਜਾਬ ਦੀ ਬਿਹਤਰੀ ਲਈ ਹੋਵੇਗਾ। ਮੈਂ ਉਨ੍ਹਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਾਂਗਾ।”
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ, ਲਖੀਮਪੁਰ ਖੀਰੀ ਜਾਣ ਵਾਲੇ ਦਿਨ ਸਿੱਧੂ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪਾਰਟੀ ਨਾਲ ਜਨਤਕ ਤੌਰ ‘ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤਾ ਸੀ। ਸੂਤਰਾਂ ਦੇ ਹਵਾਲੇ ਤੋਂ ਖਬਰ ਇਹ ਵੀ ਹੈ ਕਿ ਸਿੱਧੂ ਨੂੰ ਇਸ ਮੁੱਦੇ ‘ਤੇ ਸਪਸ਼ਟ ਤਾੜਨਾ ਕੀਤੀ ਗਈ ਹੈ। ਸਿੱਧੂ ਨੂੰ ਕਿਹਾ ਗਿਆ ਹੈ ਕਿ ਉਹ ਅਜਿਹਾ ਕੋਈ ਵੀ ਬਿਆਨ ਨਾ ਦੇਣ , ਜਿਸ ਨਾਲ ਪਾਰਟੀ ਨੂੰ ਨੁਕਸਾਨ ਪਹੁੰਚੇ।