ਜ਼ਰੂਰੀ ਨਹੀਂ ਕਿ ਹਰ ਵਿਧਾਇਕ ਨੂੰ ਟਿਕਟ ਮਿਲੇ : ਨਵਜੋਤ ਸਿੱਧੂ

TeamGlobalPunjab
3 Min Read

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਵਜੋਂ ਮੁੜ ਤੋਂ ਅਹੁਦਾ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਕੀਤੀ ।

ਸਿੱਧੂ ਨੇ ਸਾਫ਼ ਕੀਤਾ ਕਿ ਇਹ ਜ਼ਰੂਰੀ ਨਹੀਂ ਕਿ ਹਰ ਵਿਧਾਇਕ ਨੂੰ ਟਿਕਟ ਮਿਲੇ। ਜਿੱਤਣ ਦੀ ਸਮਰੱਥਾ ਰੱਖਣ ਵਾਲਿਆਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਇਸ ਲਈ ਸਰਵੇ ਕਰਵਾਏਗੀ। ਸਿੱਧੂ ਦੇ ਇਸ ਬਿਆਨ ਤੋਂ ਸਾਫ਼ ਹੈ ਕਿ ਇਸ ਵਾਰ ਕਾਂਗਰਸ ਦੇ ਕਈ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ। ਸਿੱਧੂ ਨੇ ਇਹ ਵੀ ਕਿਹਾ ਕਿ ਕਾਂਗਰਸ ਆਖਰ ‘ਚ ਉਮੀਦਵਾਰਾਂ ਦੀ ਸੂਚੀ ਜਾਰੀ ਕਰੇਗੀ।

ਸਿੱਧੂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸੀਐਮ ਚੰਨੀ ਨਾਲ ਚੱਲਣਗੇ। ਉਨ੍ਹਾਂ ਕਿਹਾ ਕਿ ਮੇਰੇ ਕੋਲ ਜਥੇਬੰਦੀ ਦੀ ਤਾਕਤ ਹੈ। ਜਦਕਿ ਸੀਐਮ ਚੰਨੀ ਕੋਲ ਪ੍ਰਸ਼ਾਸਨਿਕ ਸ਼ਕਤੀ ਹੈ। ਅਸੀਂ ਦੋ ਪਹੀਏ ਹਾਂ, ਜੋ ਇਕੱਠੇ ਚੱਲਾਂਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੰਜਾਬ ਮਾਡਲ ਨੂੰ ਕਾਂਗਰਸ ਹਾਈਕਮਾਂਡ ਦੀ ਵੀ ਪ੍ਰਵਾਨਗੀ ਹੈ।

ਸਿੱਧੂ ਨੇ ਸਪੱਸ਼ਟ ਕਿਹਾ ਕਿ ਪੰਜਾਬ ਦੇ ਸਿਰ ਤੋਂ ਕਰਜ਼ਾ ਉਤਾਰਨ ਇਸ ਲਈ ਉਹ ਵਿਸ਼ੇਸ਼ ਉੱਦਮ ਕਰਨਾ ਚਾਹੁੰਦੇ ਹਨ ਜਿਸ ਕਾਰਨ ਉਹ ਚਾਹੁੰਦੇ ਹਨ ਕਿ ਵੱਖ ਵੱਖ ਵਿਭਾਗਾਂ ਵਿੱਚ ਸਾਫ਼ ਸੁਥਰੀਆਂ ਨੀਤੀਆਂ ਲਾਗੂ ਕੀਤੀਆਂ ਜਾਣ । ਮਾਈਨਿੰਗ ਮਾਫੀਆ ਨੂੰ ਖਤਮ ਕਰਨ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਤਕ ਤੇਲੰਗਾਨਾ ਦੀ ਤਰ੍ਹਾਂ ਮਾਈਨਿੰਗ ਨੀਤੀ ਲਾਗੂ ਨਹੀਂ ਕੀਤੀ ਜਾਂਦੀ ਉਦੋਂ ਤਕ ਗੁੰਡਾ ਟੈਕਸ ਵੀ ਲੱਗਦਾ ਰਹੇਗਾ ਅਤੇ ਰੇਤ ਵੀ ਮਹਿੰਗਾ ਮਿਲਦਾ ਰਹੇਗਾ।

- Advertisement -

ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਬਾਰੇ ਉਨ੍ਹਾਂ ਕਿਹਾ ਕਿ ਉਸ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਸ਼ਵਾਸ ਦਿਵਾਇਆ ਸੀ ਕਿ ਨਿਯੁਕਤੀ ਜਲਦੀ ਹੋ ਜਾਵੇਗੀ ਪਰ ਹੁਣ ਤੁਸੀਂ ਉਨ੍ਹਾਂ ਤੋਂ ਹੀ ਪੁੱਛ ਲਵੋ। ਸਿੱਧੂ ਨੇ ਇਹ ਵੀ ਕਿਹਾ ਕਿ ਉਨ੍ਹਾਂ ਇਸ ਮਸਲੇ ਬਾਰੇ ਕਿਸੇ ਤਰ੍ਹਾਂ ਦੀ ਕੋਈ ਸ਼ਰਤ ਨਹੀਂ ਸੀ ਲਗਾਈ। ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹੇ ਜਾਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸਰਬੱਤ ਦਾ ਭਲਾ ਮੰਗਣਾ ਚਾਹੀਦਾ ਹੈ

ਇਸ ਦੇ ਨਾਲ ਹੀ ਸਿੱਧੂ ਦੇ ਨਾਲ ਮੌਜੂਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੀਐਮ ਚਿਹਰੇ ‘ਤੇ ਬੋਲਦਿਆਂ ਕਿਹਾ ਕਿ ਇਸ ਸਮੇਂ ਹਰ ਪੰਜਾਬੀ ਕਾਂਗਰਸ ਦਾ ਸੀਐਮ ਚਿਹਰਾ ਹੈ।

ਸਿੱਧੂ ਨੇ ਕਿਹਾ ਕਿ ਅਗਲੇ ਇੱਕ ਮਹੀਨੇ ਵਿੱਚ ਪੰਜਾਬ ਭਰ ਦੇ ਸਾਰੇ ਜ਼ਿਲ੍ਹਾ ਇਕਾਈ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਨਾਰਾਜ਼ ਕਾਂਗਰਸੀਆਂ ਨੂੰ ਬਗ਼ਾਵਤ ਨਾ ਕਰਨ ਦਾ ਸੁਨੇਹਾ ਵੀ ਦਿੱਤਾ। ਪਾਰਟੀ ਵਿੱਚ ਸਾਰਿਆਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ।

Share this Article
Leave a comment