ਨਵਜੋਤ ਸਿੱਧੂ ਵਲੋਂ ਫ਼ਤਹਿਗੜ੍ਹ ਸਾਹਿਬ ਦੇ ਅੰਦਰ ਪਤਿਤ ਵਿਅਕਤੀ ਤੋਂ ਸਿਰੋਪਾਓ ਲੈਣਾ ਮਰਯਾਦਾ ਤੋਂ ਉਲਟ: ਬੀਬੀ ਜਗੀਰ ਕੌਰ

TeamGlobalPunjab
2 Min Read

ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਪਤਿਤ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਦਿੱਤੇ ਗਏ ਸਿਰੋਪਾਓ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਿੱਖ ਮਰਯਾਦਾ ਦੀ ਉਲੰਘਣਾ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ ਗੁਰੂ ਘਰਾਂ ਅੰਦਰ ਨਤਮਸਤਕ ਹੋਣ ਸਮੇਂ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਖਿਆਲ ਰੱਖਣਾ ਚਾਹੀਦਾ ਹੈ।

ਉਨ੍ਹਾਂ ਆਖਿਆ ਕਿ ਬੀਤੇ ਦਿਨੀਂ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਵਜੋਤ ਸਿੰਘ ਸਿੱਧੂ ਨੂੰ ਉਸ ਦੀ ਪਾਰਟੀ ਦੇ ਪਤਿਤ ਲੋਕਾਂ ਨੇ ਗੁਰਦੁਆਰਾ ਸਾਹਿਬ ’ਚ ਸਿਰੋਪਾਓ ਦੇ ਕੇ ਮਰਯਾਦਾ ਦਾ ਉਲੰਘਣ ਕੀਤਾ ਹੈ। ਇਸ ਦੇ ਨਾਲ ਹੀ ਸਿੱਧੂ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਪੁਲਿਸ ਪ੍ਰਸਾਸ਼ਨ ਵੱਲੋਂ ਸੰਗਤ ਨੂੰ ਵੀ ਰੋਕ ਕੇ ਪ੍ਰੇਸ਼ਾਨ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ।

ਉਨ੍ਹਾਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਬਾਰ-ਬਾਰ ਗੁਰਦੁਆਰਾ ਸਾਹਿਬਾਨ ਦੀ ਮਾਣ-ਮਰਯਾਦਾ ਨੂੰ ਠੇਸ ਪਹੁੰਚਾ ਰਿਹਾ ਹੈ। ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਸਮੇਂ ਵੀ ਸ਼ਕਤੀ ਪ੍ਰਦਰਸ਼ਨ ਵਰਗਾ ਵਿਹਾਰ ਕੀਤਾ ਗਿਆ ਸੀ ਅਤੇ ਪਰਕਰਮਾਂ ਵਿਚ ਧੱਕਾ-ਮੁੱਕੀ ਹੋਣ ਨਾਲ ਸੰਗਤ ਨੂੰ ਭਾਰੀ ਮੁਸ਼ਕਲਾਂ ਆਈਆਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਕ ਮਰਯਾਦਾ ਹੈ ਅਤੇ ਇਥੇ ਨਤਮਸਤਕ ਹੋਣ ਸਮੇਂ ਸਭ ਨੂੰ ਇਸ ਮਰਯਾਦਾ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਅੰਦਰ ਪ੍ਰਧਾਨ ਦੀ ਹੈਸੀਅਤ ਨਾਲੋਂ ਇਕ ਸ਼ਰਧਾਲੂ ਦੀ ਤਰ੍ਹਾਂ ਪੁੱਜਣ ਅਤੇ ਆਪਣੇ ਸਾਥੀਆਂ ਨੂੰ ਮਨਮੱਤੀ ਕਾਰਵਾਈਆਂ ਕਰਨ ਤੋਂ ਵਰਜਣ। ਸਿੱਧੂ ਨੂੰ ਪ੍ਰਧਾਨਗੀ ਦੇ ਨਸ਼ੇ ਵਿਚ ਗੁਰ-ਅਸਥਾਨਾਂ ਦੀ ਮਰਯਾਦਾ ਦਾ ਉਲੰਘਣ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

- Advertisement -

Share this Article
Leave a comment