ਅੰੰਮਿ੍ਤਸਰ : ਨਵਜੋਤ ਸਿੰਘ ਸਿੱਧੂ ਨੇ ਭਾਵੇਂ ਕਾਂਗਰਸ ਹਾਈਕਮਾਂਡ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਫੈਸਲੇ ਨੂੰ ਠੀਕ ਕਿਹਾ ਹੋਵੇ ਪਰ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਇਸ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਦੇ ਚਿਹਰੇ ਬਾਰੇ ਗੁੰਮਰਾਹ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਕਾਂਗਰਸ ਹਾਈਕਮਾਂਡ ਦੇ ਫੈਸਲੇ ਦਾ ਸਵਾਗਤ ਕਰਨ ਦੀ ਗੱਲ ਵੀ ਕਹੀ।
ਉਨ੍ਹਾਂ ਚੰਨੀ ਨੂੰ ਗਰੀਬ ਸਮਝਣ ਤੋਂ ਵੀ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਕੋਲ ਸਾਡੇ ਨਾਲੋਂ ਜ਼ਿਆਦਾ ਦੌਲਤ ਹੈ। ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਸੀਐਮ ਚੰਨੀ ਨੂੰ ਗਰੀਬ ਆਦਮੀ ਦੱਸਦਿਆਂ ਸੀਐਮ ਦਾ ਚਿਹਰਾ ਐਲਾਨਿਆ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਹੁਦੇ ਲਈ ਨਾਂ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਪੜ੍ਹਾਈ, ਕੰਮ, ਇਮਾਨਦਾਰੀ ਨੂੰ ਦੇਖਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਸ ਅਹੁਦੇ ਵਾਸਤੇ ਨਵਜੋਤ ਸਿੰਘ ਸਿੱਧੂ ਸਹੀ ਵਿਅਕਤੀ ਸਨ। ਉਨ੍ਹਾਂ ਕਿਹਾ ਕਿ ਇਹ ਇਸ ਵਾਸਤੇ ਨਹੀਂ ਕਹਿ ਰਹੇ ਕਿ ਸਿੱਧੂ ਉਨ੍ਹਾਂ ਦੇ ਪਤੀ ਹਨ, ਸਗੋਂ ਇਸ ਲਈ ਕਹਿ ਰਹੇ ਹਨ ਕਿ ਉਨ੍ਹਾਂ ਦਾ ਪੰਜਾਬ ਮਾਡਲ ਸਭ ਤੋਂ ਬਿਹਤਰ ਸੀ, ਜੇ ਉਨ੍ਹਾਂ ਨੂੰ ਸਮਾਂ ਮਿਲਦਾ ਤਾਂ ਉਹ ਛੇ ਮਹੀਨਿਆਂ ਵਿਚ ਪੰਜਾਬ ਵਿਚ ਬਦਲਾਅ ਲਿਆ ਸਕਦੇ ਸਨ।