ਮੁੱਖ ਮੰਤਰੀ ਦੀ ਬੇਨਤੀ ਪ੍ਰਵਾਨ, ਕੇਂਦਰ ਵੱਲੋਂ ਹੁਸ਼ਿਆਰਪੁਰ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਮਨਜ਼ੂਰੀ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਅਤੇ ਯਤਨਾਂ ਨੂੰ ਹੁੰਗਾਰਾ ਦਿੰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਤੋਂ ਇਲਾਵਾ ਮੌਜੂਦਾ ਸਥਾਨਕ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰਾਲੇ ਨੇ ਇਸ ਬਾਰੇ ਸੂਬਾ ਸਰਕਾਰ ਨੂੰ ਬੀਤੀ ਸ਼ਾਮ ਸੂਚਿਤ ਕੀਤਾ। ਮੌਜੂਦਾ ਜ਼ਿਲ੍ਹਾ/ਰੈਫਰਲ ਹਸਪਤਾਲਾਂ ਨਾਲ ਸਬੰਧਤ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਲਈ ਕੇਂਦਰੀ ਸਪਾਂਸਰ ਸਕੀਮ ਤਹਿਤ ਇਸ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ।

ਕੇਂਦਰ ਸਰਕਾਰ ਪਾਸੋਂ ਪ੍ਰਾਪਤ ਪੱਤਰ ਮੁਤਾਬਕ ਨਵਾਂ ਸਰਕਾਰੀ ਮੈਡੀਕਲ ਕਾਲਜ 325 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਜਿਸ ਵਿੱਚੋਂ 60 ਫੀਸਦੀ ਹਿੱਸੇਦਾਰੀ ਵਜੋਂ 195 ਕਰੋੜ ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣੇ ਹਨ ਜਦਕਿ ਬਾਕੀ 40 ਫੀਸਦੀ ਹਿੱਸੇਦਾਰੀ ਵਜੋਂ 130 ਕਰੋੜ ਰੁਪਏ ਦਾ ਯੋਗਦਾਨ ਪੰਜਾਬ ਸਰਕਾਰ ਵੱਲੋਂ ਪਾਇਆ ਜਾਵੇਗਾ।

ਕੰਢੀ ਖੇਤਰ ਵਿੱਚ ਬਣਨ ਵਾਲੇ ਆਪਣੀ ਕਿਸਮ ਦੇ ਪਹਿਲੇ ਸਰਕਾਰੀ ਮੈਡੀਕਲ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ ਅਤੇ ਇਹ ਸਿਹਤ ਸੰਸਥਾ ਖੇਤਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਮੈਡੀਕਲ ਸਿੱਖਿਆ ਤੇ ਖੋਜ ਨੂੰ ਉਤਸ਼ਾਹਿਤ ਕਰੇਗੀ।

- Advertisement -

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਜਿਸ ਨਾਲ ਹਸਪਤਾਲ ਦੀ ਮੌਜੂਦਾ ਸਮੇਂ 200 ਬਿਸਤਰਿਆਂ ਦੀ ਸਮਰਥਾ ਵਧ ਕੇ 500 ਬਿਸਤਰਿਆਂ ਦੀ ਹੋ ਜਾਵੇਗੀ ਅਤੇ ਇਸ ਤੋਂ ਇਲਾਵਾ ਹਸਪਤਾਲ ਵਿੱਚ ਬੁਨਿਆਦੀ ਢਾਂਚੇ ਦੀਆਂ ਆਧੁਨਿਕ ਮੈਡੀਕਲ ਸਹੂਲਤਾਂ ਵੀ ਮੁਹੱਈਆ ਹੋਣਗੀਆਂ।

ਦੱਸਣਯੋਗ ਹੈ ਕਿ ਸੂਬੇ ਵਿੱਚ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਵਿੱਚ ਪਹਿਲਾਂ ਹੀ ਤਿੰਨ ਸਰਕਾਰੀ ਮੈਡੀਕਲ ਕਾਲਜ ਚੱਲ ਰਹੇ ਹਨ। ਦੋ ਹੋਰ ਸਰਕਾਰੀ ਮੈਡੀਕਲ ਕਾਲਜ ਐਸ.ਏ.ਐਸ. ਨਗਰ (ਮੋਹਾਲੀ) ਅਤੇ ਕਪੂਰਥਲਾ ਵਿਖੇ ਸਥਾਪਤ ਕੀਤੇ ਜਾ ਰਹੇ ਹਨ ਜਦਕਿ ਛੇਵੇਂ ਮੈਡੀਕਲ ਕਾਲਜ ਦੀ ਸਥਾਪਨਾ ਹੁਸ਼ਿਆਰਪੁਰ ਵਿਖੇ ਕਰਨ ਦੀ ਪ੍ਰਵਾਨਗੀ ਮਿਲ ਗਈ ਹੈ।

Share this Article
Leave a comment