ਚੰਡੀਗੜ੍ਹ: ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਚੁਣੇ ਗਏ 4 ਵਿਧਾਇਕਾਂ ਚੋਂ 3 ਨੇ ਹੀ ਸਹੁੰ ਚੁੱਕੀ ਹੈ। ਜਿੰਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਇਸ਼ਾਂਕ ਚੱਬੇਵਾਲ, ਗੁਰਦੀਪ ਸਿੰਘ ਰੰਧਾਵਾ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਹੀ ਸਹੁੰ ਚੁੱਕੀ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ। ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਸਮਾਗਮ ਵਿੱਚ ਮੌਜੂਦ ਰਹੇ।
ਸਮਾਗਮ ਦੀ ਸ਼ੁਰੂਆਤ ਵਿੱਚ ਸਭ ਤੋਂ ਪਹਿਲਾਂ ਚੱਬੇਵਾਲ ਤੋਂ ‘ਆਪ’ ਦੇ ਨੌਜਵਾਨ ਵਿਧਾਇਕ ਇਸ਼ਾਂਕ ਚੱਬੇਵਾਲ ਨੇ ਸਹੁੰ ਚੁੱਕਣ ਮਗਰੋਂ ‘ਜੈ ਭੀਮ ਜੈ ਭਾਰਤ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਲਾਇਆ।
ਹਲਕਾ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਦਿੱਗਜ ਲੀਡਰ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਦੀ ਪਤਨੀ ਜਤਿੰਦਰ ਰੰਧਾਵਾ ਨੂੰ ਹਰਾਇਆ।
ਤੀਜੇ ਐਮਐਲਏ ਵੱਜੋਂ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਹੁੰ ਚੁੱਕੀ। ਸ਼੍ਰੋਮਣੀ ਅਕਾਲੀ ਦਲ ਦੇ 4 ਦਹਾਕੇ ਤੋਂ ਵੱਧ ਸਮਾਂ ਮੈਂਬਰ ਰਹੇ ਡਿੰਪੀ ਢਿੱਲੋਂ ਜ਼ਿਮਨੀ ਚੋਣ ਤੋਂ ਕੁਝ ਸਮਾਂ ਪਹਿਲਾਂ ਹੀ ਆਪ ਵਿੱਚ ਸ਼ਾਮਿਲ ਹੋਏ ਸਨ।
ਬਰਨਾਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਚੋਣ ਜਿੱਤ ਕੇ ਵਿਧਾਇਕ ਬਣੇ ਪਰ ਅੱਜ ਨੇ ਆਪਣੇ ਅਹੁਦੇ ਦੀ ਸਹੁੰ ਨਹੀਂ ਚੱਕੀ। ਇਸ ਲਈ ਉਹ 4 ਦਸੰਬਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਹਿੱਸੇ ਆਈਆਂ ਹਨ ਜਦੋਂ ਕਿ ਇੱਕ ਸੀਟ ਕਾਂਗਰਸ ਦੇ ਹਿੱਸੇ ਆਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।