ਨਿਊਜ਼ ਡੈਸਕ: PRTC ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਹੁਣ ਇੱਕ ਵਾਰ ਫਿਰ ਤੋਂ ਹੜ੍ਹਤਾਲ ਕਰਨ ਦੇ ਸੰਕੇਤ ਦਿੱਤੇ ਗਏ ਹਨ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 8 ਅਕਤੂਬਰ ਨੂੰ ਜਲੰਧਰ ਵਿਖੇ ਰੈਲੀ ਕਰਨ, 15 ਅਕਤੂਬਰ ਨੂੰ ਸਮੂਹ ਪੰਜਾਬ ਦੇ ਬੱਸ ਅੱਡੇ ਬੰਦ ਕਰਨ, 18 ਅਕਤੂਬਰ ਨੂੰ ਗੇਟ ਰੈਲੀਆਂ ਕਰਨ ਅਤੇ 21 ਅਕਤੂਬਰ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ।
ਦਸ ਦਈਏ ਕਿ ਮੁਲਾਜ਼ਮਾਂ ਦੀਆਂ ਮੰਗਾਂ ’ਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਬਰਾਬਰ ਕੰਮ ਤੇ ਬਰਾਬਰ ਤਨਖਾਹ, ਸਰਕਾਰੀ ਬੱਸਾਂ ਦੀ ਘਾਟ ਨੂੰ ਪੂਰਾ ਕਰਨਾ, ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਨੂੰ ਬੰਦ ਕਰਨਾ, ਪ੍ਰਾਈਵੇਟ ਟਰਾਂਸਪੋਰਟ ਮਾਫੀਆ ਬਾਰੇ ਜਾਣਕਾਰੀ ਦੇਣਾ ਆਦਿ ਸ਼ਾਮਿਲ ਹਨ। ਮੁਲਾਜ਼ਮਾਂ ਨੇ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਬਾਵਜੂਦ ਇਨ੍ਹਾਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਟਰਾਂਸਪੋਰਟ ਵਿਭਾਗ ਵਿੱਚ ਤਿੰਨ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਨਾ ਤਾਂ ਕੋਈ ਨਵੀਂ ਬੱਸ ਆਈ ਹੈ ਅਤੇ ਨਾ ਹੀ ਵਿਭਾਗ ਵਿੱਚ ਕੋਈ ਸੁਧਾਰ ਹੋਇਆ ਹੈ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਤੇ ਹੋਰ ਅਧਿਕਾਰੀਆਂ ਨੇ ਕਿਹਾ ਕਿ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਚਲਾ ਕੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਜਾ ਰਿਹਾ ਹੈ। ਸਰਕਾਰ ਨਵੀਆਂ ਬੱਸਾਂ ਨਹੀਂ ਲਿਆ ਰਹੀ ਜਦਕਿ 400 ਤੋਂ ਵੱਧ ਬੱਸਾਂ ਪੁਰਾਣੀਆਂ ਹੋ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੀ ਆਬਾਦੀ ਦੇ ਹਿਸਾਬ ਨਾਲ ਦਸ ਹਜ਼ਾਰ ਸਰਕਾਰੀ ਬੱਸਾਂ ਦੀ ਲੋੜ ਹੈ ਪਰ ਬੱਸਾਂ ਦੀ ਘਾਟ ਏਨੀ ਜ਼ਿਆਦਾ ਹੈ ਕਿ ਬੱਸਾਂ ਨੂੰ ਓਵਰਲੋਡ ਕਰਕੇ ਚਲਾਉਣਾ ਪੈਂਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

