ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਵੱਧ ਰਹੇ ਕਹਿਰ ਕਾਰਨ ਨਿਊਯਾਰਕ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਊਯਾਰਕ ਦੇ ਗਵਰਨਰ ਐਂਡਰਿਊ ਕੂਮੋ ਨੇ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਸਥਾਨਕ ਲੋਕਾਂ ਨੂੰ ਬਚਾਉਣ ਲਈ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ ਹੈ। ਦੱਸ ਦਈਏ ਕਿ ਨਿਊਯਾਰਕ ਵਿੱਚ ਕੋਰੋਨਾ ਦੇ ਹੁਣ ਤੱਕ 89 ਮਾਮਲੇ ਸਾਹਮਣੇ ਆ ਚੁੱਕੇ ਹਨ।
ਹੈਲਪਲਾਈਨ ਨੰਬਰ ਜਾਰੀ, ਪੋਰਟਲ ‘ਤੇ ਵੀ ਕਰ ਸਕਦੇ ਹੋ ਸ਼ਿਕਾਇਤ: ਗਵਰਨਰ
ਗਵਰਨਰ ਨੇ ਕਿਹਾ ਕਿ ਇਸ ਦੌਰਾਨ ਨਾਗਰਿਕਾਂ ਦੀ ਸਹਾਇਤਾ ਲਈ ਇੱਕ ਹੈਲਪਲਾਈਨ ਨੰਬਰ 800-697-1220 ਵੀ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਸਥਾਨਕ ਲੋਕ https://dos.ny.gov/consumerprotection/ ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਸੈਨੇਟਾਇਜ਼ਰ ਵਰਗੀ ਚੀਜਾਂ ਦੀਆਂ ਕੀਮਤਾਂ ਵਿੱਚ ਵਾਧਾ ਬਰਦਾਸ਼ਤ ਨਹੀਂ: ਗਵਰਨਰ
ਉਨ੍ਹਾਂ ਨੇ ਇਹ ਵੀ ਕਿਹਾ ਕਿ ਸੈਨੇਟਾਇਜ਼ਰ ਵਰਗੀ ਚੀਜਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਰੂਰੀ ਵਸਤਾਂ ਦੀਆਂ ਕੀਮਤਾਂ ਉੱਤੇ ਨਜ਼ਰ ਰੱਖਣ ਲਈ ਸਰਕਾਰੀ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ।
ਉੱਥੇ ਹੀ ਫਲੋਰਿਡਾ ਵਿੱਚ ਦੋ ਲੋਕਾਂ ਦੀ ਮੌਤ ਨਾਲ ਇੱਥੇ ਮ੍ਰਿਤਕਾਂ ਦੀ ਗਿਣਤੀ 17 ਹੋ ਗਈ ਹੈ। ਕੋਰੋਨਾ ਨਾਲ ਨਜਿੱਠਣ ਲਈ 8.3 ਅਰਬ ਡਾਲਰ ਦੀ ਐਮਰਜੈਂਸੀ ਰਾਸ਼ੀ ਬਿੱਲ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸਨੂੰ ਮਨਜ਼ੂਰੀ ਦੇ ਦਿੱਤੀ।