ਚੰਡੀਗੜ੍ਹ : ਪੰਜਾਬ ਪੁਲਿਸ ਦੇ ਅਧਿਕਾਰਤ ਬੁਲਾਰੇ ਨੇ ਵੀਰਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਸਬੰਧੀ ਸਾਰੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ।
ਇਹ ਬਿਆਨ ਉਸ ਵੇਲੇ ਜਾਰੀ ਕੀਤਾ ਗਿਆ ਹੈ ਜਦੋਂ ਇਕਬਾਲ ਪ੍ਰੀਤ ਸਿੰਘ ਸਹੋਤਾ, ਜਿਨ੍ਹਾਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ, ਵੱਲੋਂ 2015 ਵਿੱਚ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਐਸ.ਆਈ.ਟੀ. ਦੀ ਅਗਵਾਈ ਕਰਦਿਆਂ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਦੀਆਂ ਮੀਡੀਆ ਰਿਪੋਰਟਾਂ ਸਾਹਮਣੇ ਆਈਆਂ ਹਨ।
No clean chit given to Gurmeet Ram Rahim or any other person in Sacrilege Cases – Punjab Police Spokesperson pic.twitter.com/W5tyLilsjy
— Punjab Police India (@PunjabPoliceInd) September 29, 2021
ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਵਿੱਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿੱਲਰੇ ਹੋਏ ਪਾਏ ਗਏ ਸਨ ਅਤੇ ਪੁਲਿਸ ਸਟੇਸ਼ਨ ਬਾਜਾਖਾਨਾ ਵਿਖੇ ਆਈਪੀਸੀ ਦੀ ਧਾਰਾ 295, 120-ਬੀ ਦੇ ਤਹਿਤ ਐਫਆਈਆਰ ਨੰਬਰ 128 ਮਿਤੀ 12.10.2015 ਦਰਜ ਕੀਤੀ ਗਈ ਸੀ। ਪਿੰਡ ਬਰਗਾੜੀ ਵਿਖੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਲਈ ਇਕਬਾਲ ਪ੍ਰੀਤ ਸਿੰਘ ਸਹੋਤਾ, ਜੋ ਉਸ ਵੇਲੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਸਨ, ਦੀ ਅਗਵਾਈ ਵਿੱਚ ਇੱਕ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਸੀ।
ਬੁਲਾਰੇ ਨੇ ਸਪੱਸ਼ਟ ਕੀਤਾ ਕਿ ਐਸਆਈਟੀ ਨੇ ਸਿਰਫ 20 ਦਿਨਾਂ (14 ਅਕਤੂਬਰ 2015 ਤੋਂ 2 ਨਵੰਬਰ 2015) ਤੱਕ ਕੰਮ ਕੀਤਾ ਸੀ, ਜਿਸ ਤੋਂ ਬਾਅਦ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ ਗਿਆ ਸੀ।
ਬੁਲਾਰੇ ਨੇ ਕਿਹਾ, “ਪੂਰੀ ਜਾਂਚ ਸੀਬੀਆਈ ਵੱਲੋਂ ਕੀਤੀ ਗਈ ਸੀ ਨਾ ਕਿ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ।” ਉਨ੍ਹਾਂ ਇਹ ਵੀ ਕਿਹਾ ਕਿ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਗਈ।