ਨਿਊਜ਼ ਡੈਸਕ: ਕਰਨਾਟਕ ‘ਚ ਲੀਡਰਸ਼ਿਪ ਬਦਲਣ ਦੀਆਂ ਅਟਕਲਾਂ ਵਿਚਾਲੇ ਮੰਗਲਵਾਰ ਨੂੰ ਕਾਂਗਰਸ ਦੀ ਸਿਖਰਲੀ ਕਮਾਨ ਦੀ ਬੈਠਕ ਹੋਈ। ਮੀਟਿੰਗ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਸਾਰੀ ਚਰਚਾ ਸਿਰਫ਼ ਕਰਨਾਟਕ ਵਿੱਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਅਤੇ ਵਿਧਾਨ ਪ੍ਰੀਸ਼ਦ ਦੀਆਂ ਚੋਣਾਂ ‘ਤੇ ਕੇਂਦਰਿਤ ਸੀ। ਉਨ੍ਹਾਂ ਕਿਹਾ ਕਿ ਜੋ ਵੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਇਹ ਸਿਰਫ ਖਦਸ਼ੇ ਹਨ।
ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਵਿਸਤ੍ਰਿਤ ਮੀਟਿੰਗ ਹੋਈ, ਜਿਸ ਵਿੱਚ ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮਈਆ, ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਅਤੇ ਕਰਨਾਟਕ ਦੇ ਜਨਰਲ ਸਕੱਤਰ ਇੰਚਾਰਜ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸਿਰਫ਼ ਰਾਜ ਸਭਾ ਅਤੇ ਵਿਧਾਨ ਪ੍ਰੀਸ਼ਦ ਚੋਣਾਂ ਦੀਆਂ ਤਿਆਰੀਆਂ ਬਾਰੇ ਹੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਬਾਕੀ ਸੂਬਿਆਂ ਦੇ ਨਾਲ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

