ਨਵੀਂ ਦਿੱਲੀ: ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਵਿੱਚ ਲਗਾਤਾਰ ਤਾਬੜਤੋੜ ਫੈਸਲੇ ਕੀਤੇ ਜਾ ਰਹੇ ਹਨ। ਹੁਣ, ਪ੍ਰਦੂਸ਼ਣ ਕੰਟਰੋਲ ਕਰਨ ਲਈ ਇੱਕ ਨਵਾਂ ਉਪਾਅ ਲਾਗੂ ਕੀਤਾ ਜਾ ਰਿਹਾ ਹੈ, ਜਿਸ ਤਹਿਤ 1 ਅਪ੍ਰੈਲ 2024 ਤੋਂ 15 ਸਾਲ ਪੁਰਾਣੀਆਂ ਗੱਡੀਆਂ ਨੂੰ ਪੈਟਰੋਲ ਅਤੇ ਡੀਜ਼ਲ ਨਹੀਂ ਮਿਲੇਗਾ।
ਇਸ ਮੁੱਦੇ ਨੂੰ ਲੈ ਕੇ ਸ਼ਨੀਵਾਰ ਨੂੰ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਵਾਤਾਵਰਣ ਵਿਭਾਗ, MCD ਅਤੇ NDMC ਦੇ ਅਧਿਕਾਰੀ ਸ਼ਾਮਲ ਸਨ। ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ 15 ਸਾਲ ਤੋਂ ਵੱਧ ਪੁਰਾਣੀਆਂ ਗੱਡੀਆਂ ਦੀ ਪਛਾਣ ਕਰਨ ਲਈ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਜਾਵੇਗੀ, ਜੋ ਇਹ ਯਕੀਨੀ ਬਣਾਵੇਗੀ ਕਿ ਨਿਯਮਾਂ ਦੀ ਉਲੰਘਣਾ ਨਾਂ ਹੋਵੇ।
ਮੀਟਿੰਗ ਤੋਂ ਬਾਅਦ, ਵਾਤਾਵਰਣ ਮੰਤਰੀ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਇਹ ਉਪਾਅ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਨਿਯੰਤਰਿਤ ਕਰਨ ਲਈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਦਾ 50% ਤੋਂ ਵੱਧ ਪ੍ਰਦੂਸ਼ਣ ਆਮ ਲੋਕਾਂ ਦੇ ਦਿਨਚਰੀਆ ਕਾਰਨ ਹੀ ਹੁੰਦਾ ਹੈ, ਇਸ ਲਈ ਪਹਿਲਾਂ ਆਪਣੇ ਸ਼ਹਿਰ ਦਾ ਹਾਲ ਠੀਕ ਕਰਨਾ ਪਵੇਗਾ, ਉਸ ਤੋਂ ਬਾਅਦ ਹੋਰ ਰਾਜਾਂ ਨਾਲ ਗੱਲ ਕੀਤੀ ਜਾਵੇਗੀ।
ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਲਈ ਸਾਰੇ ਸਬੰਧਤ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਹਨ। ਹਰ ਸਾਲ, ਖਾਸ ਕਰਕੇ ਸਰਦੀ ਦੇ ਮੌਸਮ ਵਿੱਚ, ਦਿੱਲੀ ‘ਚ ਪ੍ਰਦੂਸ਼ਣ ਦੀ ਭਿਆਨਕ ਸਮੱਸਿਆ ਪੈਦਾ ਹੋ ਜਾਂਦੀ ਹੈ, ਜਿਸ ਕਰਕੇ ਲੋਕਾਂ ਨੂੰ ਗੰਭੀਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਨਵੇਂ ਨਿਯਮ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਆਵੇਗਾ ਅਤੇ ਲੋਕ ਵਿਅਕਤੀਗਤ ਤੇ ਜਨਤਕ ਸਿਹਤ ਸਮੱਸਿਆਵਾਂ ਤੋਂ ਬਚ ਸਕਣਗੇ।