ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਥਿਤ ਵਜੀਫਾ ਘੁਟਾਲੇ ‘ਚ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਜਾਵੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਫਿਰ ਭਾਵੇਂ ਉਹ ਸਰਕਾਰ ਦੇ ਅੰਦਰ ਜਾਂ ਬਾਹਰ ਜਿਹੜੇ ਵੀ ਅਹੁਦੇ ‘ਤੇ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਕਿ ਮੁੱਖ ਸਕੱਤਰ ਵਿਨੀ ਮਹਾਜਨ ਇਸ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਨੂੰ ਦੇਖਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਨਿਰਪੱਖ ਪੜਤਾਲ ਅਤੇ ਪੂਰਨ ਜਾਂਚ ਤੋਂ ਬਿਨਾਂ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਜਿਸ ਕਾਰਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਦੋਸ਼ੀ ਆਖਿਆ ਨਹੀਂ ਜਾ ਸਕਦਾ। ਪੰਜਾਬ ‘ਚ ਕਾਨੂੰਨ ਦਾ ਰਾਜ ਹੈ ਜਿਸ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ‘ਚ ਉਹ ਵਿਰੋਧੀ ਧਿਰ ਦੇ ਦਬਾਅ ਅੱਗੇ ਕਦੇ ਨਹੀਂ ਝੁੱਕਣਗੇ।
ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਉਹ ਸ਼ਰਾਰਤੀ ਪਾਰਟੀ ਵਾਂਗ ਵਿਵਹਾਰ ਕਰਦੀ ਹੋਈ ਇਸ ਮਾਮਲੇ ਵਿੱਚ ਬਿਨਾਂ ਪੂਰਨ ਜਾਂਚ ਦੇ ਸਾਧੂ ਸਿੰਘ ਧਰਮਸੋਤ ਨੂੰ ਦੋਸ਼ੀ ਠਹਿਰਾ ਰਹੀ ਹੈ। ਕੋਰੋਨਾ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਦੀ ਮੁਹਿੰਮ ਦਾ ਸਾਥ ਦੇਣ ਦੀ ਬਜਾਏ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਲਈ ਮੌਕੇ ਲੱਭ ਰਹੀ ਆਪ ਅਤੇ ਵਿਰੋਧੀ ਪਾਰਟੀਆਂ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਸਖਤ ਮਿਹਨਤ ਨਾਲ ਜਿੱਤੀਆਂ ਜਾਂਦੀਆਂ ਹਨ ਨਾ ਕਿ ਬਹੁਤ ਜ਼ਿਆਦਾ ਬੇਲੋੜਾ ਰੌਲਾ ਪਾ ਕੇ।”