ਚੰਡੀਗੜ੍ਹ: ਸਾਲ 2021-22 ਦੇ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਆੜ੍ਹਤੀਆਂ ਵੱਲੋਂ ਮੁਹੱਈਆ ਕਰਵਾਏ ਚੰਗੀ ਹਾਲਤ ਵਾਲੇ ਵਰਤੇ ਹੋਏ ਬਾਰਦਾਨੇ ਵਿਚ ਕਣਕ ਦੀ ਭਰਾਈ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੀ ਕਿਸੇ ਵੀ ਮੰਡੀ ਵਿਚ ਬਾਰਦਾਨੇ ਦੀ ਘਾਟ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮੰਡੀਆਂ ਵਿਚ ਕਣਕ ਦੀ ਆਮਦ ਵਧ ਕੇ ਰੋਜਾਨਾ 8 ਲੱਖ ਮੀਟਰਕ ਟਨ ਤੱਕ ਪਹੁੰਚ ਗਈ ਹੈ ਅਤੇ ਖਰੀਦੀ ਹੋਈ ਕਣਕ ਦੇ ਭੰਡਾਰਨ ਲਈ ਕੌਮੀ ਪੱਧਰ ਉਤੇ ਨਵੇਂ ਬਾਰਦਾਨੇ ਅਤੇ ਪੀ.ਪੀ. ਬੈਗਜ਼ ਦੀ ਕਮੀ ਹੈ।
ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜਾ ਲਿਆ। ਸਰਹੱਦੀ ਜਿਲਿਆਂ ਅੰਮ੍ਰਿਤਸਰ , ਗੁਰਦਾਸਪੁਰ, ਤਰਨ ਤਾਰਨ ਅਤੇ ਫਿਰੋਜ਼ਪੁਰ ਵਿਚ ਖਰੀਦ ਦੀ ਗਤੀ ਹੌਲੀ ਹੋਣ ਦੇ ਮੁੱਦੇ ਉਤੇ ਇਹ ਸਪੱਸ਼ਟ ਕੀਤਾ ਗਿਆ ਕਿ ਇਨ੍ਹਾਂ ਇਲਾਕਿਆਂ ਵਿਚ ਕਣਕ ਦੇ ਦਾਣੇ ਸੁੰਗੜ ਗਏ ਹਨ ਜਿਸ ਕਰਕੇ ਇਨ੍ਹਾਂ ਦੀ ਖਰੀਦ ਤੋਂ ਪਹਿਲਾਂ ਭਾਰਤ ਸਰਕਾਰ ਪਾਸੋਂ ਖਰੀਦ ਸਬੰਧੀ ਮਾਪਦੰਡਾਂ ਵਿਚ ਢਿੱਲ ਦੇਣ ਦੀ ਲੋੜ ਹੈ। ਪੰਜਾਬ ਸਰਕਾਰ ਨੇ 16 ਅਪ੍ਰੈਲ ਨੂੰ ਭਾਰਤ ਸਰਕਾਰ ਨੂੰ ਪਹਿਲਾਂ ਹੀ ਲਿਖ ਦਿੱਤਾ ਸੀ ਕਿ ਅੰਮ੍ਰਿਤਸਰ , ਤਰਨ ਤਾਰਨ ਅਤੇ ਫਾਜਿਲਕਾ ਜਿਲਿਆਂ ਵਿਚ 11 ਫੀਸਦੀ ਤੱਕ ਸੁੰਗੜੇ ਅਤੇ ਟੁੱਟੇ ਹੋਏ ਅਤੇ 10 ਫੀਸਦੀ ਤੱਕ ਬਦਰੰਗ ਹੋਏ ਕਣਕ ਦੇ ਦਾਣਿਆਂ ਸਬੰਧੀ ਬਿਨਾਂ ਕਿਸੇ ਕੀਮਤ ਕਟੌਤੀ ਦੇ ਇਕਸਾਰ ਮਾਪਦੰਡਾਂ ਵਿਚ ਤੁਰੰਤ ਢਿੱਲ ਦਿੱਤੀ ਜਾਵੇ। ਹਾਲਾਂਕਿ, ਭਾਰਤ ਸਰਕਾਰ ਵੱਲੋਂ ਇਸ ਸਬੰਧੀ ਜਵਾਬ ਅਜੇ ਆਉਣਾ ਬਾਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਅਤੇ ਪ੍ਰਮੁੱਖ ਸਕੱਤਰ, ਖੁਰਾਕ ਤੇ ਸਿਵਲ ਸਪਲਾਈਜ਼ ਨੂੰ ਇਹ ਮਾਮਲਾ ਤੁਰੰਤ ਸੁਲਝਾਉਣ ਲਈ ਭਾਰਤ ਸਰਕਾਰ ਵਿਚਲੇ ਆਪਣੇ ਹਮਰੁਤਬਾ ਵਿਅਕਤੀਆਂ ਨਾਲ ਗੱਲਬਾਤ ਕਰਨ ਲਈ ਆਖਿਆ ਹੈ।