ਪੰਜਾਬ ਦੇ ਅੰਨਦਾਤਾ ਦੇ ਹਿੱਤਾਂ ਦੇ ਖਿਲਾਫ ਕੁਝ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ : ਸੁਖਬੀਰ ਸਿੰਘ ਬਾਦਲ

TeamGlobalPunjab
2 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਉਨ੍ਹਾਂ ਦੀ ਪਾਰਟੀ ਅਜਿਹੀ ਕਿਸੇ ਵੀ ਚੀਜ਼ ਦੀ ਹਮਾਇਤ ਨਹੀਂ ਕਰੇਗੀ ਜਿਹੜੀ ਕਿ ਦੇਸ਼ ਖਾਸ ਤੌਰ ‘ਤੇ ਪੰਜਾਬ ਦੇ ਅੰਨਦਾਤਾ ਦੇ ਹਿੱਤਾਂ ਦੇ ਖਿਲਾਫ ਹੋਵੇ।

ਸੁਖਬੀਰ ਬਾਦਲ ਨੇ ਲੋਕ ਸਭਾ ਵਿਚ ਜ਼ੋਰਦਾਰ ਤਕਰੀਰ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦਾ ਹੀ ਸੰਗਠਨ ਹੈ। ਹਰ ਅਕਾਲੀ ਇਕ ਕਿਸਾਨ ਹੈ ਤੇ ਹਰ ਕਿਸਾਨ ਦਿਲੋਂ ਇਕ ਅਕਾਲੀ ਹੈ। ਉਹਨਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਕਿਸਾਨਾਂ ਵਾਸਤੇ ਲੜਾਈ ਲੜੀ ਹੈ ਤੇ ਉਹਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਸਰਵਉਚ ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਇਸ ਵਿਰਾਸਤ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ ਭਾਵੇਂ ਸਾਨੂੰ ਕੋਈ ਵੀ ਕੀਮਤ ਅਦਾ ਕਰਨੀ ਪਵੇ।

ਉਹਨਾਂ ਅੱਗੇ ਕਿਹਾ ਕਿ ਆਰਡੀਨੈਂਸ ਤਿਆਰ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜਦੋਂ ਤੋਂ ਆਰਡੀਨੈਂਸ ਜਾਰੀ ਹੋਏ ਹਨ, ਅਸੀਂ ਸਰਕਾਰ ਨੂੰ ਆਖ ਰਹੇ ਹਾਂ ਕਿ ਉਹ ਇਸ ਬਿੱਲ ਨੂੰ ਨਾ ਲਿਆਵੇ ਪਰ ਸਾਡੀ ਆਵਾਜ਼ ਸੁਣੀ ਨਹੀਂ ਗਈ। ਬਾਦਲ ਨੇ ਕਿਹਾ ਕਿ ਇਹਨਾਂ ਆਰਡੀਨੈਂਸਾਂ ਤੇ ਇਹਨਾਂ ਨੂੰ ਐਕਟ ਵਿਚ ਬਦਲਣ ਲਈ ਬਿੱਲ ਦਾ ਪੰਜਾਬ ‘ਤੇ ਸਭ ਤੋਂ ਵੱਧ ਮਾਰੂ ਅਸਰ ਪਵੇਗਾ।

ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਤੇ ਕਾਂਗਰਸ ਪਾਰਟੀ ‘ਤੇ ਵਰ੍ਹਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਜਦ ਆਰਡੀਨੈਂਸ ਖਿਲਾਫ ਵੋਟਿੰਗ ਕਰਨ ਦਾ ਸਮਾਂ ਆਇਆ ਤਾਂ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਉੱਥੋਂ ਚਲੇ ਗਏ ਅਤੇ ਉਨ੍ਹਾਂ ਨੇ ਆਰਡੀਨੈਂਸ ਦੇ ਖਿਲਾਫ ਵੋਟ ਨਹੀਂ ਦਿੱਤੀ।

- Advertisement -

Share this Article
Leave a comment